ਕੇਂਦਰ ਸਰਕਾਰ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਏ : ਪ੍ਰਕਾਸ਼ ਸਿੰਘ ਬਾਦਲ
Saturday, Feb 26, 2022 - 06:01 PM (IST)
ਮਾਨਸਾ (ਚਾਹਲ)-ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਇਸ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਜਿਹੜੀਆਂ ਸਕੀਮਾਂ ਮੁਹੱਈਆ ਕਰਵਾਈਆਂ ਉਹ ਦੇਸ਼ ’ਚ ਹੋਰ ਕਿਸੇ ਸਰਕਾਰ ਨੇ ਨਹੀਂ ਦਿੱਤੀਆਂ। ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸਮੇਂ ਉਹੋ ਜਿਹੀਆਂ ਸਹੂਲਤਾਂ ਦਿੱਤੀਆਂ, ਜੋ ਕੋਈ ਸੋਚ ਵੀ ਨਹੀਂ ਸਕਦਾ। ਇਸ ਦੌਰਾਨ ਰੂਸ ਤੇ ਯੂਕ੍ਰੇਨ ਦਰਮਿਆਨ ਜੰਗ ’ਤੇ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਡਿਊਟੀ ਹੈ ਕਿ ਉਹ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਦੇਸ਼ ’ਚ ਲਿਆਏ।
ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 24x7 ਕੰਟਰੋਲ ਰੂਮ ਸਥਾਪਿਤ
ਇਸ ਦੌਰਾਨ ਬਾਦਲ ਨੇ ਕਿਹਾ ਕਿ ਲੋਕ ਅਰਵਿੰਦ ਕੇਜਰੀਵਾਲ ਪੰਜਾਬ ਦੀ ਸੱਤਾ ਕਦੇ ਨਹੀਂ ਦੇਣਗੇ ਕਿਉਂਕਿ ਉਨ੍ਹਾਂ ਨੂੰ ਤਾਂ ਪੰਜਾਬ ’ਚ ਚੱਲ ਰਹੇ ਥਰਮਲ ਪਲਾਂਟਾਂ ਦੇ ਧੂੰਏਂ ਤੋਂ ਸਮੱਸਿਆ ਹੈ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ’ਚ ਆਪਣੇ ਡਰਾਈਵਰ ਰਹੇ ਨਿਰੰਜਨ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਲਈ ਆਏ ਸਨ।ਬਿਕਰਮ ਮਜੀਠੀਆ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹਾਈਕੋਰਟ ’ਚ ਹੈ ਅਤੇ ਉਹ ਇਸ ’ਤੇ ਕੁਝ ਨਹੀਂ ਕਹਿ ਸਕਦੇ। ਆਉਣ ਵਾਲੇ ਸਮੇਂ ’ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਹੋਣ ਦੀ ਸੰਭਾਵਨਾ ’ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਅਸੀਂ ਔਖੇ ਵੇਲੇ ਭਾਜਪਾ ਦੀ ਬਹੁਤ ਮਦਦ ਕੀਤੀ ਪਰ ਅਸੀਂ ਅਸੂਲਾਂ ’ਤੇ ਚੱਲਣ ਵਾਲੇ ਹਾਂ। ਭਾਜਪਾ ਨੇ ਜਦੋਂ ਕਾਨੂੰਨ ਬਣਾਇਆ, ਜੋ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ’ਚ ਨਹੀਂ ਸੀ ਤਾਂ ਬੀਬੀ ਹਰਸਿਮਰਤ ਕੌਰ ਨੇ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ। ਇਹ ਪਹਿਲੀ ਵਾਰ ਸੀ ਕਿ ਕਿਸੇ ਨੇ ਵਜ਼ਾਰਤ ਤੋਂ ਅਸਤੀਫ਼ਾ ਦਿੱਤਾ। ਖੇਤੀ ਕਾਨੂੰਨਾਂ ਖ਼ਿਲਾਫ਼ ਸਿਰਫ ਦੋ ਵੋਟਾਂ ਵਿਰੋਧ ’ਚ ਪਈਆਂ ਸਨ, ਇਕ ਸੁਖਬੀਰ ਬਾਦਲ ਤੇ ਦੂਜੀ ਹਰਸਿਮਰਤ ਕੌਰ ਬਾਦਲ ਦੀ ਸੀ।