ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਨੋਟਿਸ ਜਾਰੀ
Monday, Mar 18, 2019 - 12:58 PM (IST)
 
            
            ਚੰਡੀਗੜ੍ਹ (ਹਾਂਡਾ) : ਬੇਅਦਬੀ ਮਾਮਲੇ ਸਬੰਧੀ ਵਿਵਾਦਾਂ 'ਚ ਘਿਰੇ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਮਰਾਨੰਗਲ ਦੀ ਬਲੈਂਕੇਟ ਬੇਲ ਸਬੰਧੀ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ, ਜਿਸ 'ਤੇ ਅਦਾਲਤ ਨੇ ਉਮਰਾਨੰਗਲ ਨੂੰ 25 ਮਾਰਚ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਕੋਈ ਵੀ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਦੇ ਹੁਕਮ ਦਿੱਤੇ ਸਨ। ਅਦਾਲਤ ਦੇ ਇਨ੍ਹਾਂ ਹੁਕਮਾਂ ਖਿਲਾਫ ਪੰਜਾਬ ਸਰਕਾਰ ਨੇ ਰਿਕਾਲਿੰਗ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਉਮਰਾਨੰਗਲ ਨੂੰ ਰਾਹਤ ਦਿੱਤੇ ਜਾਣ ਤੋਂ ਪਹਿਲਾਂ ਉਸ ਦਾ ਪੱਖ ਤੱਕ ਨਹੀਂ ਸੁਣਿਆ। ਅਜਿਹੇ 'ਚ ਸਰਕਾਰ ਦਾ ਪੱਖ ਸੁਣਿਆ ਜਾਣਾ ਬੇਹੱਦ ਜ਼ਰੂਰੀ ਹੈ। ਸਰਕਾਰ ਨੇ ਇਨ੍ਹਾਂ ਹੁਕਮਾਂ 'ਤੇ ਪੁਨਰ ਵਿਚਾਰ ਕੀਤੇ ਜਾਣ ਦੀ ਮੰਗ ਅਦਾਲਤ ਨੂੰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਮਰਾਨੰਗਲ ਨੂੰ ਨੋਟਿਸ ਜਾਰੀ ਕੀਤਾ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            