ਕੋਰੋਨਾ ਦੀ ਜੰਗ ਜਿੱਤ ਚੁੱਕੇ ਮਰੀਜ਼ਾਂ ਨੂੰ ''ਪਰਨੀਤ ਕੌਰ'' ਦੀ ਖਾਸ ਅਪੀਲ

Tuesday, Jul 14, 2020 - 10:08 AM (IST)

ਕੋਰੋਨਾ ਦੀ ਜੰਗ ਜਿੱਤ ਚੁੱਕੇ ਮਰੀਜ਼ਾਂ ਨੂੰ ''ਪਰਨੀਤ ਕੌਰ'' ਦੀ ਖਾਸ ਅਪੀਲ

ਪਟਿਆਲਾ (ਰਾਜੇਸ਼) : ਪੰਜਾਬ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਰਫਤਾਰ ਫੜ੍ਹ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਪੀੜਤਾਂ ਦੇ ਇਲਾਜ ਸਬੰਧੀ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ। ਪਰਨੀਤ ਕੌਰ ਬੀਤੀ ਸ਼ਾਮ ਜ਼ਿਲ੍ਹੇ ’ਚ ਕੋਵਿਡ-19 ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ, ਨਿਗਮ ਕਮਿਸ਼ਨਰ ਪੂਨਮਦੀਪ ਕੌਰ ਅਤੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ੀ ਨਾਲ ਕਹਿਰ ਢਾਹ ਰਿਹੈ 'ਕੋਰੋਨਾ', 5 ਦਿਨਾਂ 'ਚ ਆਏ 1000 ਨਵੇਂ ਕੇਸ

ਪਰਨੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੇ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਮੇਅਰ ਅਤੇ ਕੌਂਸਲਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੋਵਿਡ ਦੇ ਠੀਕ ਹੋਏ ਮਰੀਜ਼ਾਂ ਨੂੰ ਆਪਣਾ ਪਲਾਜ਼ਮਾ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਥਾਪਤ ਕੀਤੇ ਪਲਾਜ਼ਮਾ ਬੈਂਕ ਵਿਖੇ ਦਾਨ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕ ਸਭਾ ਮੈਂਬਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਉਣ ਲਈ ਲਾਜ਼ਮੀ ਮਾਸਕ ਪਾਉਣ ਅਤੇ ਆਪਸੀ ਦੂਰੀ ਰੱਖਣ ਸਮੇਤ ਜ਼ਰੂਰੀ ਅਹਤਿਆਤ ਵਰਤਣ ਸਬੰਧੀ ਸਖ਼ਤੀ ਵਰਤੀ ਜਾਵੇ।

ਇਹ ਵੀ ਪੜ੍ਹੋ : ਕੈਪਟਨ ਦੇ ਸ਼ਾਹੀ ਸ਼ਹਿਰ ਦੀ ਕਮਾਨ 'ਮਨਪ੍ਰੀਤ ਇਆਲੀ' ਦੇ ਹੱਥ
ਪਰਨੀਤ ਕੌਰ ਨੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ। ਇਸ ਲਈ ਭਾਵੇਂ ਮਾਸਕ ਨਾ ਪਾਉਣ ਅਤੇ ਆਪਸੀ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕਿਉਂ ਨਾ ਕਰਨੇ ਪੈਣ। ਇਸ ਸਬੰਧੀ ਜ਼ਿਲ੍ਹਾਪ੍ਰਸਾਸ਼ਨ, ਪੁਲਸ ਪ੍ਰਸ਼ਾਸਨ, ਸਿਹਤ ਮਹਿਕਮਾ ਅਤੇ ਨਗਰ ਨਿਗਮ ਵੱਲੋਂ ਸਾਂਝੀਆਂ ਟੀਮਾਂ ਬਣਾਈਆਂ ਜਾਣ। ਇਸ ’ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਪੀ. ਸੀ. ਐੱਸ. ਅਧਿਕਾਰੀ ਦੀ ਅਗਵਾਈ ਹੇਠ ਸਾਂਝੀ ਕਮੇਟੀ ਦਾ ਇਸ ਸਬੰਧੀ ਗਠਨ ਕਰ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਸਖ਼ਤੀ ਕਰਨ ’ਤੇ ਚਲਾਨ ਕੱਟਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਮੋਹਾਲੀ 'ਚ ਹੋਵੇਗੀ ਅੱਗੇ ਨਾਲੋਂ ਜ਼ਿਆਦਾ ਸਖਤੀ, ਟੀਮਾਂ ਨੂੰ ਮਿਲੇ ਨਿਰਦੇਸ਼
ਵੀਡੀਓ ਕਾਨਫਰੰਸਿੰਗ ਦੌਰਾਨ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਨਿਗਮ ਦੀਆਂ ਟੀਮਾਂ ਵੱਲੋਂ ਕੋਰੋਨਾ ਵਾਇਰਸ ਖਿਲਾਫ ਜਾਗਰੂਕਤਾ ਦੇ ਨਾਲ-ਨਾਲ ਡੇਂਗੂ ਦੀ ਰੋਕਥਾਮ ਸਬੰਧੀ ਵੀ ਮੁਹਿੰਮ ਚਲਾਈ ਹੋਈ ਹੈ। ਆਪਸੀ ਦੂਰੀ ਰੱਖਣ ਦੇ ਮੁੱਦੇ ’ਤੇ ਨਗਰ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼ਹਿਰ ਵਿਚਲੀਆਂ ਸਬਜ਼ੀ ਦੀਆਂ ਮੰਡੀਆਂ 4 ਦਿਨਾਂ ਲਈ ਬੰਦ ਕੀਤੀਆਂ ਹਨ। ਇਸ ਤੋਂ ਬਿਨ੍ਹਾਂ ਕੰਟੇਨਮੈਂਟ ਜ਼ੋਨਾਂ ’ਚ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਦੀ ਬਹਾਲੀ ਲਈ ਨਿਗਮ ਵੱਲੋਂ ਪਾਸ ਬਣਾਏ ਜਾ ਰਹੇ ਹਨ।

 


 


author

Babita

Content Editor

Related News