ਪੰਜਾਬ 'ਚ ਕਾਨੂੰਨ ਵਿਵਸਥਾ ਖ਼ਤਮ, ਸਰਹੱਦੀ ਜ਼ਿਲ੍ਹੇ ਬਣ ਰਹੇ ਅਪਰਾਧ ਦੇ ਅੱਡੇ, ਸਰਕਾਰ ਪ੍ਰਚਾਰ 'ਚ ਰੁੱਝੀ : ਬਾਜਵਾ
Wednesday, Feb 18, 2026 - 06:40 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਤਰਨਤਾਰਨ 'ਚ ਇਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਮੌਜੂਦ ਸਰਪੰਚ ਦੇ ਹੋਏ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਬਾਜਵਾ ਨੇ ਇਸ ਘਟਨਾ ਨੂੰ ਪੰਜਾਬ 'ਚ ਕਾਨੂੰਨ ਵਿਵਸਥਾ ਦੇ ਮੁਕੰਮਲ ਰੂਪ ਵਿੱਚ ਫੇਲ੍ਹ ਹੋਣ ਦਾ ਪ੍ਰਮਾਣ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰ ਬੇਖ਼ੌਫ਼ ਘੁੰਮ ਰਹੇ ਹਨ, ਜਦਕਿ ਸਰਕਾਰ ਸਿਰਫ਼ ਆਪਣੇ ਪ੍ਰਚਾਰ (PR) ਵਿੱਚ ਹੀ ਮਸਤ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅਪਰਾਧ ਦੇ ਅੱਡੇ ਬਣਦੇ ਜਾ ਰਹੇ ਹਨ ਅਤੇ ਪੂਰੇ ਸੂਬੇ ਨੂੰ ਡਰ ਤੇ ਦਹਿਸ਼ਤ ਦੇ ਮਾਹੌਲ ਵਿੱਚ ਧੱਕਿਆ ਜਾ ਰਿਹਾ ਹੈ। ਬਾਜਵਾ ਨੇ ਸਰਕਾਰ ਦੀ ਨੀਤੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਇਸ "ਖ਼ੂਨੀ ਬਦਲਾਅ" ਦੀ ਬਹੁਤ ਭਾਰੀ ਕੀਮਤ ਚੁਕਾ ਰਿਹਾ ਹੈ। ਉਨ੍ਹਾਂ ਮੁਤਾਬਕ ਸੂਬੇ ਦੀ ਮੌਜੂਦਾ ਸਥਿਤੀ ਬਹੁਤ ਹੀ ਚਿੰਤਾਜਨਕ ਬਣੀ ਹੋਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਇਸ ਦੇ ਇਲਾਵਾ ਇਕ ਹੋਰ ਟਵੀਟ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁੱਧ ਵਰਤੀ ਗਈ ਭਾਸ਼ਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ “ਭੀੜ” ਕਹਿਣਾ ਨਾ ਸਿਰਫ਼ ਸੰਵੇਦਨਹੀਣਤਾ ਹੈ, ਸਗੋਂ ਇਹ ਮੌਜੂਦਾ ਸਰਕਾਰ ਦੀ ਮਾਨਸਿਕਤਾ ਨੂੰ ਵੀ ਬੇਨਕਾਬ ਕਰਦਾ ਹੈ। ਉਨ੍ਹਾਂ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜਦੋਂ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤੇ ਨੂੰ ਅਪਰਾਧੀ ਵਜੋਂ ਪੇਸ਼ ਕੀਤਾ ਜਾਂਦਾ ਹੈ ਤਾਂ ਇਹ ਸਾਫ਼ ਹੈ ਕਿ ਸ਼ਾਸਨ ਹੁਣ ਹੰਕਾਰ 'ਚ ਬਦਲ ਚੁੱਕਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਛਾਪੇਮਾਰੀ! ਗੰਦਾ ਧੰਦਾ ਕਰਦੀਆਂ ਫੜੀਆਂ ਗਈਆਂ ਕੁੜੀਆਂ

ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਜਾਇਜ਼ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਹੱਲ ਕੱਢਣ ਦੀ ਬਜਾਏ ਪੰਜਾਬ ਸਰਕਾਰ ਅਤੇ ਪੁਲਸ ਉਨ੍ਹਾਂ ਦੇ ਸੰਘਰਸ਼ ਨੂੰ ਗੈਰ-ਕਾਨੂੰਨੀ ਸਾਬਤ ਕਰਨ 'ਤੇ ਤੁਲੀ ਹੋਈ ਹੈ। ਬਾਜਵਾ ਨੇ ਸਰਕਾਰੀ ਅਧਿਕਾਰੀਆਂ ਅਤੇ ਸੱਤਾਧਾਰੀ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜਿਨ੍ਹਾਂ ਕਿਸਾਨਾਂ ਨੂੰ ਉਹ ਅੱਜ “ਭੀੜ” ਕਹਿ ਕੇ ਅਪਮਾਨਿਤ ਕਰ ਰਹੇ ਹਨ, ਇਹ ਉਹੀ ਲੋਕ ਹਨ, ਜਿਨ੍ਹਾਂ ਦੀਆਂ ਕੀਮਤੀ ਵੋਟਾਂ ਸਦਕਾ ਅੱਜ ਦੇ ਮੰਤਰੀ ਅਤੇ ਵਿਧਾਇਕ ਸੱਤਾ ਦੀਆਂ ਕੁਰਸੀਆਂ 'ਤੇ ਬੈਠੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
