ਹਾਈਕੋਰਟ ਵੱਲੋਂ ਬੱਗਾ ਅਤੇ ਵਿਸ਼ਵਾਸ ਖ਼ਿਲਾਫ਼ ਦਰਜ FIR ਰੱਦ ਕਰਨ 'ਤੇ CM ਮਾਨ ਤੇ ਕੇਜਰੀਵਾਲ 'ਤੇ ਵਰ੍ਹੇ ਪ੍ਰਤਾਪ ਬਾਜਵਾ
Wednesday, Oct 12, 2022 - 06:08 PM (IST)
ਗੁਰਦਾਸਪੁਰ (ਜੀਤ ਮਠਾਰੂ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਉਪਰੋਕਤ ਟਿੱਪਣੀ 'ਚ ਭਗਵੰਤ ਮਾਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀ ਤਾਕਤ ਨੂੰ ਨਿੱਜੀ ਇੱਛਾਵਾਂ ਅਤੇ ਮਨਸੂਬਿਆਂ ਦੀ ਪੂਰਤੀ ਲਈ ਨਾ ਵਰਤਣ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆ ਜਾਣਦੀ ਹੈ ਕਿ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਫੜਨ ਲਈ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਲੀ ਭੇਜਣਾ ਇੱਕ ਨਿਰੋਲ ਸਿਆਸੀ ਬਦਲਾਖੋਰੀ ਸੀ ਅਤੇ ਇਹ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ 'ਤੇ ਕਾਰਵਾਈ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਕੰਪਿਊਟਰ ਬੰਦ ਤੇ ਕਲਮ ਛੋੜ ਹੜਤਾਲ ਜਾਰੀ, ਠੱਪ ਰਿਹਾ ਦਫ਼ਤਰੀ ਕੰਮ-ਕਾਜ
ਇਸੇ ਤਰ੍ਹਾਂ ਕੁਮਾਰ ਵਿਸ਼ਵਾਸ ਮਾਮਲੇ 'ਚ ਵੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ 'ਤੇ ਹੀ ਪੰਜਾਬ ਪੁਲਸ ਨੇ ਨਾਮਵਰ ਕਵੀ 'ਤੇ ਮਾਮਲਾ ਦਰਜ ਕੀਤਾ ਸੀ। ਅਰਵਿੰਦ ਕੇਜਰੀਵਾਲ ਆਪਣੇ ਪੁਰਾਣੇ ਸਹਿਯੋਗੀ ਅਤੇ 'ਆਪ' ਦੇ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ਵੱਲੋਂ ਕੀਤੀ ਜਾ ਰਹੀ ਅਲੋਚਨਾ ਨੂੰ ਬਰਦਾਸ਼ਤ ਨਹੀਂ ਕਰ ਸਕੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੁੰਦੇ ਸਨ। ਇਸੇ ਕਰਕੇ ਉਸ ਵਿਰੁੱਧ ਪੰਜਾਬ ਦੇ ਰੂਪਨਗਰ 'ਚ ਐਫ.ਆਈ.ਆਰ ਦਰਜ ਕੀਤੀ ਗਈ ਸੀ। ਦੋਵਾਂ ਮਾਮਲਿਆਂ 'ਚ ਬੱਗਾ ਅਤੇ ਵਿਸ਼ਵਾਸ ਨੇ ਕਥਿਤ ਤੌਰ 'ਤੇ ਦਿੱਲੀ 'ਚ ਬਿਆਨ ਦਿੱਤੇ ਸਨ। ਇਸ ਲਈ ਪੰਜਾਬ ਪੁਲਸ ਕੋਲ ਬੱਗਾ ਨੂੰ ਗ੍ਰਿਫ਼ਤਾਰ ਕਰਨ ਅਤੇ ਵਿਸ਼ਵਾਸ ਵਿਰੁੱਧ ਪੰਜਾਬ 'ਚ ਕੇਸ ਦਰਜ ਕਰ ਕੇ ਦਿੱਲੀ ਜਾ ਕੇ ਕੋਈ ਅਧਿਕਾਰ ਖੇਤਰ ਨਹੀਂ ਸੀ। ਬਾਜਵਾ ਨੇ ਅੱਗੇ ਕਿਹਾ ਕਿ ਹਾਈਕੋਰਟ ਵੱਲੋਂ ਐਫ.ਆਈ.ਆਰਜ਼ ਨੂੰ ਰੱਦ ਕਰਨ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਆਪਣੇ ਵਿਰੋਧੀਆਂ 'ਤੇ ਬਰਾਊਨੀ ਪੁਆਇੰਟ ਹਾਸਲ ਕਰਨ ਲਈ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ।
ਬਾਜਵਾ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਉਨ੍ਹਾਂ ਦੀ ਸਿਫਾਰਿਸ਼ ਨੂੰ ਸਾਫ਼-ਸਾਫਟ ਠੁਕਰਾਏ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੂੰ ਇੱਕ ਹੋਰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਤਰ੍ਹਾਂ ਕੁਝ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਸੀ ਕਿ ਏ-ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਜੋ ਕੁਝ ਦਿਨ ਪਹਿਲਾਂ ਪੁਲਸ ਦੀ ਲਾਪਰਵਾਹੀ ਕਾਰਨ ਫਰਾਰ ਹੋ ਗਿਆ ਸੀ, ਦੱਖਣੀ ਅਫ਼ਰੀਕਾ ਪਹੁੰਚਣ 'ਚ ਕਾਮਯਾਬ ਹੋ ਗਿਆ ਹੈ। ਬਾਜਵਾ ਨੇ ਕਿਹਾ ਜੇਕਰ ਇਹ ਰਿਪੋਰਟਾਂ ਸੱਚ ਹਨ ਤਾਂ ਇਹ ਭਗਵੰਤ ਮਾਨ ਸਰਕਾਰ ਨੇ ਇਕ ਵੱਡੀ ਲਾਪ੍ਰਵਾਹੀ ਕੀਤੀ ਹੈ।