ਪ੍ਰਤਾਪ ਬਾਜਵਾ ਨੇ ਵਿਧਾਨ ਸਭਾ ''ਚ ਪੇਸ਼ ਕੀਤੇ ਕਿਸਾਨ ਪੱਖੀ ਬਿੱਲਾਂ ਦਾ ਕੀਤਾ ਸਵਾਗਤ
Wednesday, Oct 21, 2020 - 03:08 PM (IST)
ਗੁਰਦਾਸਪੁਰ (ਹਰਮਨ) : ਪੰਜਾਬ ਵਿਧਾਨ ਸਭਾ 'ਚ ਕਿਸਾਨਾਂ ਦੇ ਹੱਕ ਵਿਚ ਪੇਸ਼ ਕੀਤੇ ਬਿੱਲਾਂ ਦਾ ਸਵਾਗਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਤੌਰ ਪੰਜਾਬੀ ਉਹ ਅੱਜ ਮਾਣ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਸਮੂਹ ਪੰਜਾਬੀ ਕਿਸਾਨਾਂ ਦੇ ਹੱਕਾਂ ਲਈ ਇਕਜੁੱਟ ਹੋ ਕੇ ਖੜ੍ਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਲ ਇੰਡੀਆ ਕਾਂਗਰਸ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਪੰਜਾਬੀਆਂ ਨੇ ਉਨ੍ਹਾਂ ਦੇ ਹੱਕ ਖੋਹਣ ਵਾਲਿਆਂ ਦਾ ਡਟ ਕੇ ਵਿਰੋਧ ਕੀਤਾ ਹੈ। 2300 ਸਾਲ ਪਹਿਲਾਂ ਰਾਜ ਪੋਰਸ ਨੇ ਸਿਕੰਦਰ ਦੇ ਵਿਰੁੱਧ ਖੜਾ ਹੋ ਕੇ ਮਿਸਾਲ ਕਾਇਮ ਕੀਤੀ ਸੀ ਅਤੇ ਉਸ ਨੂੰ ਮੁੜ ਵਾਪਸ ਯੂਨਾਨ ਜਾਣ ਲਈ ਮਜਬੂਰ ਕਰ ਦਿੱਤਾ ਸੀ। ਇਸੇ ਤਰ੍ਹਾਂ ਹੁਣ ਪੰਜਾਬ ਦੇ ਲੋਕਾਂ ਨੇ ਕੇਂਦਰ ਸਰਕਾਰ ਦੀ ਅਗਵਾਈ ਕੇਂਦਰ ਸਰਕਾਰ ਵੱਲੋਂ ਥੋਪੇ ਬਿੱਲਾਂ ਦਾ ਡਟ ਕੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੀਆਂ ਜਮਹੂਰੀਆਂ ਸੰਸਥਾਵਾਂ ਨੇ ਸੂਬੇ ਦੇ ਖੇਤੀਬਾੜੀ ਸੈਕਟਰ ਦੀ ਰੱਖਿਆ ਲਈ ਸਖ਼ਤ ਰੁਖ ਅਪਣਾਇਆ ਹੈ। ਬਾਜਵਾ ਨੇ ਕਿਹਾ ਕਿ ਮਨ ਕੀ ਬਾਤ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਲੋਕਾਂ ਦੇ ਮਨ ਦੀ ਬਾਤ ਸੁਨਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਸਬੰਧੀ ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਦੱਸਣਯੋਗ ਹੈ ਕਿ ਵਿਸ਼ੇਸ਼ ਇਜਲਾਸ ਦੌਰਾਨ ਪਾਸ ਕੀਤੇ ਖੇਤੀ ਸੋਧ ਬਿੱਲਾਂ 'ਚ 'ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ (ਵਿਸ਼ੇਸ਼ ਉਪਬੰਧ ਅਤੇ ਪੰਜਾਬ ਸੋਧ) ਬਿੱਲ-2020, ਕਿਸਾਨ ਜਿਣਸ, ਵਪਾਰ ਅਤੇ ਵਣਜ (ਉਤਸ਼ਾਹਿਤ ਕਰਨ ਅਤੇ ਸੁਖਾਲਾ ਬਣਾਉਣ) (ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ-2020 ਅਤੇ ਜ਼ਰੂਰੀ ਵਸਤਾਂ (ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ-2020, ਕੋਡ ਆਫ਼ ਸਿਵਲ ਪ੍ਰਸੀਜ਼ਰ (ਪੰਜਾਬ ਸੋਧ) ਬਿੱਲ-2020 ਸ਼ਾਮਲ ਹਨ।
ਇਹ ਵੀ ਪੜ੍ਹੋ : ਦਿੱਲੀ ਗੁਰਦੁਆਰਾ ਚੋਣਾਂ ਨਹੀਂ ਲੜਾਂਗੇ ਪਰ ਬਾਦਲ ਵਿਰੋਧੀ ਧੜੇ ਦੀ ਕਰਾਂਗੇ ਹਿਮਾਇਤ : ਸਰਨਾ