ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
Friday, Oct 23, 2026 - 11:45 AM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕਾਂਗਰਸ ਨੇ ਲਗਾਤਾਰ ਦੂਜੇ ਦਿਨ ਵੀ ਸਦਨ ਦੀ ਕਾਰਵਾਈ ਦਾ ਬਾਈਕਾਟ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕਾਂਗਰਸ ਆਪਣਾ ਵਿਰੋਧ ਜਾਰੀ ਰੱਖੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਦਨ 'ਚ ਮੌਜੂਦ ਹੋਣ ਦੇ ਬਾਵਜੂਦ ਲੋਕਾਂ ਦੇ ਮੁੱਦਿਆਂ ’ਤੇ ਜਵਾਬ ਦੇਣ ਲਈ ਤਿਆਰ ਨਹੀਂ ਹਨ। ਬਾਜਵਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਚ ਪੋਸਟਮਾਰਟਮ ਅਤੇ ਉਸ ਤੋਂ ਬਾਅਦ ਸਸਕਾਰ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਲੋਕਾਂ 'ਚ ਰੋਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਝੋਟਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮ ਚਲਾ ਰਿਹਾ ਸੀ ਅਤੇ ਉਸ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ, ਨਸ਼ਿਆਂ ਤੋਂ ਮੁਕਤੀ, ਕਿਸਾਨਾਂ ਦੀਆਂ ਫ਼ਸਲਾਂ ਦੇ ਉਚਿਤ ਮੁੱਲ, ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ. ਏ.) ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਉਮੀਦ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਬਾਜਵਾ ਨੇ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਸਰਕਾਰ ਦੇ ਚੋਣ ਵਾਅਦਿਆਂ ਨੂੰ ਲੈ ਕੇ ਤਿਆਰ ਕੀਤਾ ਗਿਆ ‘ਲਾਹਣਤ ਪੱਤਰ’ ਮੁੱਖ ਮੰਤਰੀ ਜਾਂ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਨੂੰ ਸੌਂਪਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਇਸ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਵਿਰੋਧੀ ਧਿਰ ਦੀ ਗੱਲ ਸੁਣਨ ਦਾ ਮੌਕਾ ਨਹੀਂ ਮਿਲਿਆ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਗੁਲਜ਼ਾਰ ਸਿੰਘ ਮਾਮਲੇ ’ਚ ਵੀ ਸਰਕਾਰ ਨੂੰ ਘੇਰਿਆ
ਬਾਜਵਾ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਗਰੀਬ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਰਿਹਾ ਅਤੇ ਸੂਬੇ 'ਚ ਕਾਨੂੰਨ ਦੇ ਵੱਖ-ਵੱਖ ਮਾਪਦੰਡ ਅਪਣਾਏ ਜਾ ਰਹੇ ਹਨ। ਉਨ੍ਹਾਂ ਇਸ ਮਾਮਲੇ ਦੀ ਤੁਲਨਾ ਲਾਲਜੀਤ ਸਿੰਘ ਭੁੱਲਰ ਨਾਲ ਸਬੰਧਿਤ ਮਾਮਲੇ ਨਾਲ ਕਰਦਿਆਂ ਕਿਹਾ ਕਿ ਜੇਕਰ ਹੋਰ ਮਾਮਲਿਆਂ 'ਚ ਕਾਰਵਾਈ ਹੋ ਸਕਦੀ ਹੈ ਤਾਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਵੀ ਇਨਸਾਫ਼ ਮਿਲਣਾ ਚਾਹੀਦਾ ਹੈ। ਬਾਜਵਾ ਨੇ ਸਵਾਲ ਕੀਤਾ ਕਿ ਕੀ ਸੂਬੇ 'ਚ ਕਾਨੂੰਨ ਸਾਰਿਆਂ ਲਈ ਬਰਾਬਰ ਨਹੀਂ ਹੈ? ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਦਾ ਮੁੱਦਾ ਗੰਭੀਰ ਹੈ ਅਤੇ ਸਰਕਾਰ ਨੂੰ ਇਸ ਬਾਰੇ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਬਾਜਵਾ ਨੇ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੇ ਸਪੱਸ਼ਟ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਅਤੇ ਹੋਰ ਅਹਿਮ ਮੁੱਦਿਆਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਹੋਣ ਤੱਕ ਉਸ ਦਾ ਵਿਰੋਧ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
