ਕੈਪਟਨ ਸਰਕਾਰ ਬਿਜਲੀ ਸਮਝੌਤੇ ''ਤੇ 6 ਮਹੀਨੇ ਬਾਅਦ ਜਾਰੀ ਕਰੇਗੀ ''ਵਾਈਟ ਪੇਪਰ''

Thursday, Jan 16, 2020 - 06:44 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਬਿਜਲੀ ਮੁੱਦੇ 'ਤੇ ਉਨ੍ਹਾਂ ਦੀ ਸਰਕਾਰ ਵਲੋਂ ਮਾਨਸੂਨ ਇਜਲਾਸ ਦੌਰਾਨ ਇਕ ਵਾਈਟ ਪੇਪਰ ਲਿਆਂਦਾ ਜਾਵੇਗਾ। ਕੈਪਟਨ ਨੇ ਲਿਖਿਆ ਕਿ ਇਸ ਵਾਈਟ ਪੇਪਰ 'ਚ ਅਕਾਲੀਆਂ ਵਲੋਂ ਨਿਜੀ ਲੋਕਾਂ ਨਾਲ ਕੀਤੇ ਵਿਵਾਦਿਤ ਬਿਜਲੀ ਖਰੀਦ ਸਮਝੌਤਿਆਂ ਦੇ ਘੋਟਾਲੇ ਦਾ ਪਰਦਾਫਾਸ਼ ਕੀਤਾ ਜਾਵੇਗਾ।
ਕੈਪਟਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਈਟ ਪੇਪਰ 'ਚ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਹਸਤਾਖਰ ਕੀਤੇ ਗਏ ਸਾਰੇ ਦਸਤਾਵੇਜ਼ਾਂ ਦੇ ਨਾਲ-ਨਾਲ ਉਨ੍ਹਾਂ ਵਲੋਂ ਸਥਾਪਿਤ ਕੀਤੇ ਗਏ ਪਾਵਰ ਪਲਾਂਟਾਂ ਦਾ ਖੁਲਾਸਾ ਕੀਤਾ ਜਾਵੇਗਾ, ਜਿਨ੍ਹਾਂ ਨਾਲ ਸੂਬੇ 'ਤੇ ਬੇਲੋੜਾ ਬੋਝ ਪਿਆ ਹੈ। ਕੈਪਟਨ ਨੇ ਕਿਹਾ ਕਿ ਸੂਬੇ ਦੀ ਅਰਥ ਵਿਵਸਥਾ ਨਾਲ ਖਿਲਵਾੜ ਕਰਨ ਤੋਂ ਬਾਅਦ ਅਕਾਲੀ ਦਲ ਆਪਣੇ ਸੁਆਰਥੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਇਸ ਮੁੱਦੇ ਨੂੰ ਉਨ੍ਹਾਂ ਦੀ ਸਰਕਾਰ ਖਿਲਾਫ ਵਰਤਣ ਦੀ ਕੋਸ਼ਿਸ਼ ਕਰ ਰਿਹਾ ਹੈ। ਕੈਪਟਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਦੱਸਣਯੋਗ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਵਲੋਂ ਦੋਸ਼ ਲਾਏ ਗਏ ਹਨ ਕਿ ਕੈਪਟਨ ਸਰਕਾਰ ਵਲੋਂ ਬਿਜਲੀ ਦੇ ਮਾਮਲੇ 'ਚ ਨਿਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ, ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮਾਨਸੂਨ ਇਜਲਾਸ ਦੌਰਾਨ ਵਾਈਟ ਪੇਪਰ ਜਾਰੀ ਕਰਨ ਦਾ ਐਲਾਨ ਕੀਤਾ ਹੈ।
 


Babita

Content Editor

Related News