ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਨੂੰ ਆਰਥਿਕ ਪੈਕਜ ਦਿਵਾਉਣ ਦੀ ਕੀਤੀ ਮੰਗ

04/20/2020 4:59:30 PM

ਗੁਰਦਾਸਪੁਰ, (ਹਰਮਨ) : ਕਾਂਗਰਸ ਦੇ ਸੀਨੀਅਰ ਆਗੂ ਅਤੇ ਦੇਸ਼ ਦੀ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਸੰਕਟ ਦੀ ਘੜੀ ਵਿਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਬਾਜਵਾ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਲੜ੍ਹ ਰਹੇ ਪੰਜਾਬ ਦੇ ਵਿੱਤੀ ਹਾਲਾਤਾਂ ਦਾ ਹਵਾਲਾ ਦਿੰਦਿਆਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕੇਂਦਰ ਸਰਕਾਰ ਜੀ. ਐਸ. ਟੀ. ਨਾਲ ਸਬੰਧਿਤ ਪੰਜਾਬ ਦੀ 4386.37 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰੇ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰਾਲੇ ਵੱਲੋਂ ਪੇਸ਼ ਕੀਤੇ ਗਏ ਤਾਜਾ ਅੰਕੜਿਆਂ ਅਨੁਸਾਰ ਲਾਕ ਡਾਊਨ ਕਾਰਨ ਪੰਜਾਬ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਉਨਾਂ ਕਿਹਾ ਸੂਬੇ ਨੂੰ ਇਸ ਵਿੱਤੀ ਸੰਕਟ 'ਚੋਂ ਕੱਢਣ ਲਈ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਯੋਜਨਾ ਬਣਾਏ। ਉਨ੍ਹਾਂ ਕਿਹਾ ਕਿ ਅਜਿਹੀ ਯੋਜਨਾ ਦੇ ਬਿਨਾਂ ਸੂਬੇ ਦਾ ਇਸ ਆਰਥਿਕ ਸਮੱਸਿਆ ਤੋਂ ਉਭਰਨਾ ਸੰਭਵ ਨਹੀਂ ਹੋ ਸਕੇਗਾ। ਇਸ ਦੇ ਨਾਲ ਹੀ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅੰਦਰ ਸਿਹਤ ਸੇਵਾਵਾਂ ਨੂੰ ਅਪਗ੍ਰੇਡ ਕਰਨ ਲਈ ਕੇਂਦਰ ਕੋਲੋਂ 729 ਕਰੋੜ ਰੁਪਏ ਦੀ ਕੀਤੀ ਗਈ ਮੰਗ ਦੁਹਰਾਉਂਦਿਆਂ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਉਹ ਇਸ ਰਾਸ਼ੀ ਤੁਰੰਤ ਜਾਰੀ ਕਰਨ।

ਇੰਨਾ ਹੀ ਨਹੀਂ, ਬਾਜਵਾ ਨੇ ਸੂਬੇ ਅੰਦਰ ਆਧੁਨਿਕ ਕਿਸਮ ਦੀ ਇੰਸਟੀਚਿਊਟ ਆਫ ਵਾਇਰੋਲੋਜੀ ਬਣਾਉਣ ਲਈ ਵੀ ਕੇਂਦਰ ਸਰਕਾਰ ਨੂੰ 400 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਸੰਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਜ਼ਮੀਨ ਦੇਣ ਦਾ ਐਲਾਨ ਕਰ ਚੁੱਕੇ ਹਨ। ਉਨਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਡਾਕਟਰੀ ਉਪਕਰਨਾਂ ਉਤੇ ਜੀ. ਐਸ. ਟੀ. ਮੁਆਫ ਕੀਤਾ ਜਾਵੇ ਤਾਂ ਜੋ ਲੋਕਾਂ ਉਪਰ ਪੈ ਰਿਹਾ ਵਾਧੂ ਬੋਝ ਘੱਟ ਕੀਤਾ ਜਾ ਸਕੇ।


Babita

Content Editor

Related News