ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਬਾਜਵਾ, ਭੜਾਸ ਕੱਢਦਿਆਂ ਜ਼ਾਹਰ ਕੀਤੀ ਬੇਵੱਸੀ

11/02/2017 10:22:55 AM

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਸੂਬੇ 'ਚ ਆਪਣੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ ਅਤੇ ਉਨ੍ਹਾਂ ਨੇ ਆਪਣੀ ਸਰਕਾਰ ਖਿਲਾਫ ਭੜਾਸ ਕੱਢਦਿਆਂ ਬੇਵੱਸੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ 3 ਮਹੀਨੇ ਪਹਿਲਾਂ ਅਸਤੀਫਾ ਭੇਜ ਕੇ ਇਕ ਚਿੱਠੀ ਲਿਖੀ ਸੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਤੋਤਾ ਸਿੰਘ ਤੇ ਆਦੇਸ਼ ਪ੍ਰਤਾਪ ਕੈਰੋਂ ਖਿਲਾਫ ਪੰਜਾਬ ਸਰਕਾਰ ਕਾਰਵਾਈ ਨਹੀਂ ਕਰਦੀ ਤਾਂ ਉਹ ਕੀ ਕਰਨ? ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਦੇ ਮਹੀਨੇ ਅੰਦਰ ਇਨ੍ਹਾਂ ਆਗੂਆਂ ਨੂੰ ਜੇਲਾਂ 'ਚ ਸੁੱਟਣ ਲਈ ਕਿਹਾ ਸੀ ਅਤੇ ਉਹ ਹੁਣ ਵੀ ਆਪਣੇ ਸਟੈਂਡ 'ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਇਹ ਮਾਮਲਾ 6 ਨਵੰਬਰ ਨੂੰ ਚੁੱਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ ਅਜੇ ਤੱਕ ਕਾਰਵਾਈ ਕਿਉਂ ਨਹੀਂ ਹੋਈ, ਇਸ ਬਾਰੇ ਕੈਪਟਨ ਕੋਲੋਂ ਉਹ ਪੁੱਛਣਗੇ। ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਇਸ ਨਾਲ ਕਾਂਗਰਸ ਸਰਕਾਰ ਤੇ ਪਾਰਟੀ ਦੋਹਾਂ ਦਾ ਅਕਸ ਖਰਾਬ ਹੋਵੇਗਾ। 


Related News