ਪਾਰਟੀਆਂ ਤੈਅ ਮਿਆਦ ਤੋਂ ਪਹਿਲਾਂ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਵਾਉਣ : ਡਾ. ਰਾਜੂ

02/09/2022 12:11:33 PM

ਚੰਡੀਗੜ੍ਹ (ਸ਼ਰਮਾ) : ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਦੁਹਰਾਇਆ ਕਿ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਅਖ਼ਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿਚ ਪ੍ਰਕਾਸ਼ਿਤ ਕਰਾਉਣ ਲਈ ਨਿਰਧਾਰਿਤ ਸਮੇਂ ਤੋਂ ਖੁੰਝਣਾ ਨਹੀਂ ਚਾਹੀਦਾ। ਉਨ੍ਹਾਂ ਦੱਸਿਆ ਕਿ ਅਖ਼ਬਾਰਾਂ ਅਤੇ ਟੈਲੀਵਿਜ਼ਨ ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨ ਲਈ ਪਹਿਲਾ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੀ ਅੰਤਿਮ ਮਿਤੀ 8 ਫਰਵਰੀ ਨੂੰ ਸਮਾਪਤ ਹੋ ਗਈ ਹੈ। ਸ਼ੈਡਿਊਲ ਅਨੁਸਾਰ ਦੂਸਰਾ ਇਸ਼ਤਿਹਾਰ ਨਾਮਜ਼ਦਗੀ ਵਾਪਸ ਲੈਣ ਦੇ 5ਵੇਂ ਤੋਂ 8ਵੇਂ ਦਿਨ ਦੇ ਵਿਚਕਾਰ ਦਿੱਤਾ ਜਾ ਸਕਦਾ ਹੈ। ਜਦੋਂ ਕਿ, ਤੀਜਾ ਇਸ਼ਤਿਹਾਰ 9ਵੇਂ ਦਿਨ ਤੋਂ ਪ੍ਰਚਾਰ ਦੇ ਆਖਰੀ ਦਿਨ (ਚੋਣਾਂ ਦੀ ਮਿਤੀ ਤੋਂ ਇੱਕ ਦਿਨ ਪਹਿਲਾਂ ) ਤੱਕ ਦਿੱਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ED ਨੇ ਜਿਸ ਮੁੱਖ ਮੰਤਰੀ ਤੇ ਭਾਣਜੇ ਤੋਂ 10 ਕਰੋੜ ਰੁਪਏ ਵਸੂਲੇ, ਉਹ ਗਰੀਬ ਮੁੱਖਮੰਤਰੀ ਨਹੀ ਹੋ ਸਕਦਾ : ਸੁਖਬੀਰ ਬਾਦਲ

ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 23.51 ਕਰੋੜ ਰੁਪਏ ਦੀ 41.39 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 313.69 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.83 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਰਾਹੁਲ ਗਾਂਧੀ ਨੇ ਸਹੀ ਅਰਥਾਂ ’ਚ ਨਵਜੋਤ ਸਿੱਧੂ ਨੂੰ ਪੱਪੂ ਬਣਾਇਆ : ਮਜੀਠੀਆ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

Anuradha

This news is Content Editor Anuradha