ਕਿਸੇ ਵੀ ਪਾਰਟੀ ਨੂੰ ਵੋਟ ਦਿਓ ਪਰ ਭਾਜਪਾ ਨੂੰ ਸਜ਼ਾ ਦਿਓ : ਬਲਬੀਰ ਸਿੰਘ ਰਾਜੇਵਾਲ (ਵੀਡੀਓ)

03/11/2021 6:45:27 PM

ਚੰਡੀਗੜ੍ਹ ( ਬਿਊਰੋ ) - ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਹਰਮੀਤ ਕਾਦੀਆਂ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੇਵਾਲ ਨੇ ਕਿਹਾ ਕਿ ਜਿਨ੍ਹਾਂ ਪੰਜ ਸੂਬਿਆਂ 'ਚ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਉਨ੍ਹਾਂ ਵਲੋਂ ਟੀਮਾਂ ਬਣਾ ਕੇ ਭੇਜੀਆਂ ਜਾਣਗੀਆਂ। ਇਹ ਟੀਮਾਂ ਚੋਣਾਂ 'ਚ ਭਾਜਪਾ ਨੂੰ ਵੋਟ ਨਾ ਪਾਉਣ ਦੀ ਲੋਕਾਂ ਨੂੰ ਅਪੀਲ ਕਰਨਗੀਆਂ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦਾ ਸਮਰਥਨ ਨਹੀਂ ਕਰਦੇ ਪਰ ਉਹ ਭਾਜਪਾ ਦਾ ਵਿਰੋਧ ਜ਼ਰੂਰ ਕਰਨਗੇ। ਰਾਜੇਵਾਲ ਨੇ ਕਿਹਾ ਕਿ ਉਹ ਕੋਲਕਾਤਾ ਜਾਣਗੇ, ਜਿਥੇ ਉਨ੍ਹਾਂ ਵਲੋਂ ਰੈਲੀ ਕੀਤੀ ਜਾਵੇਗੀ। ਰੈਲੀ ਦੌਰਾਨ ਉਹ 294 ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। 

ਪੜ੍ਹੋ ਇਹ ਵੀ ਖ਼ਬਰ - ਬੀਬੀ ਜਗੀਰ ਕੌਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਦਿੱਤਾ ਮੋੜਵਾਂ ਜਵਾਬ, ਸੁਣੋ ਕੀ ਕਿਹਾ

ਉਨ੍ਹਾਂ ਕਿਹਾ ਕਿ ਭਲਕੇ ਤੋਂ ਕਿਸਾਨਾਂ ਦੀਆਂ ਰੈਲੀਆਂ ਸ਼ੁਰੂ ਹੋ ਜਾਣਗੀਆਂ। ਚੋਣਾਂ ਵਾਲੇ ਸਾਰੇ ਸੂਬਿਆਂ 'ਚ ਕੁੱਲ 12 ਰੈਲੀਆਂ ਕੀਤੀਆਂ ਜਾਣਗੀਆਂ। ਹਰਮੀਤ ਕਾਦੀਆਂ ਨੇ ਕਿਹਾ ਕਿ ਭਾਜਪਾ ਵਲੋਂ ਜਿਸ ਤਰ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਿੱਦ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਭਾਜਪਾ ਦੇ ਵਿਰੁੱਧ ਮੋਰਚਾ ਖੁੱਲ੍ਹ ਚੁੱਕਾ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 15 ਮਾਰਚ ਨੂੰ ਨਿੱਜੀਕਰਨ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ। ਉੱਥੇ ਹੀ 19 ਮਾਰਚ ਨੂੰ ਐੱਫ.ਸੀ.ਆਈ. ਦੇ ਫ਼ੈਸਲੇ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ ਅਤੇ 26 ਮਾਰਚ ਨੂੰ ਭਾਰਤ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵੀ ਪੰਜਾਬ ਤੋਂ ਸ਼ੁਰੂ ਹੋਈ ਸੀ ਅਤੇ ਇਹ ਅੰਦੋਲਨ ਵੀ ਪੰਜਾਬ ਤੋਂ ਸ਼ੁਰੂ ਹੋਇਆ ਸੀ। ਇਹੀ ਸੰਦੇਸ਼ ਬੰਗਾਲ ਤੱਕ ਵੀ ਪਹੁੰਚਾਇਆ ਜਾਵੇਗਾ, ਕਿਉਂਕਿ ਆਜ਼ਾਦੀ ਦੀ ਲੜਾਈ 'ਚ ਬੰਗਾਲ ਦਾ ਵੀ ਵੱਡਾ ਯੋਗਦਾਨ ਸੀ।


rajwinder kaur

Content Editor

Related News