ਪਰਵਿੰਦਰ ਝੋਟੇ ਦਾ ਨਹੀਂ ਹੋਵੇਗਾ ਅੰਤਿਮ ਸਸਕਾਰ, ਭਾਵੁਕ ਹੁੰਦਿਆਂ ਪਿਤਾ ਨੇ ਦੇ ਦਿੱਤਾ ਵੱਡਾ ਬਿਆਨ
Monday, Oct 19, 2026 - 10:25 AM (IST)
ਮਾਨਸਾ (ਸੰਦੀਪ ਮਿੱਤਲ) : ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਉਨ੍ਹਾਂ ਦੇ ਪਿਤਾ ਦਾ ਭਾਵੁਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੀ ਮੌਤ ’ਤੇ ਕਿਉਂ ਰੋਣ, ਕਿਉਂਕਿ ਉਨ੍ਹਾਂ ਦਾ ਪੁੱਤਰ ਅਮਰ ਸ਼ਹੀਦ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਪਰਵਿੰਦਰ ਸਿੰਘ ਝੋਟੇ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਈ ਅਤੇ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣ ਲਈ ਸੰਘਰਸ਼ ਕੀਤਾ। ਅੱਜ ਉਸੇ ਸੰਘਰਸ਼ ਕਾਰਨ ਉਨ੍ਹਾਂ ਦਾ ਪਰਿਵਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠਾ ਹੈ।
ਇਹ ਵੀ ਪੜ੍ਹੋ : ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਪਰਵਿੰਦਰ ਨੇ ਸਮਾਜ ਦੇ ਹਿੱਤ 'ਚ ਕੰਮ ਕੀਤਾ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਗੁਆ ਦਿੱਤੀ। ਅਜਿਹੇ 'ਚ ਉਨ੍ਹਾਂ ਦਾ ਪੁੱਤਰ ਉਨ੍ਹਾਂ ਲਈ ਸਿਰਫ਼ ਪੁੱਤਰ ਹੀ ਨਹੀਂ, ਸਗੋਂ ਸਮਾਜ ਲਈ ਸੰਘਰਸ਼ ਕਰਨ ਵਾਲਾ ਸ਼ਹੀਦ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਮੰਗ ਹੈ ਕਿ ਮੁੱਖ ਮੰਤਰੀ ਅਸਤੀਫ਼ਾ ਦੇਵੇ, ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਇਸ ਵਾਰਦਾਤ ਪਿੱਛੇ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਦਾ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸਸਕਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹ ਕੇ ਆਈ ਲਾੜੀ ਨੇ ਚਾੜ੍ਹ' ਤਾ ਚੰਨ, ਪਿਸਤੌਲ ਤੇ ਜ਼ਿੰਦਾ ਕਾਰਤੂਸ ਲੈ ਕੇ...
ਦੱਸਣਯੋਗ ਹੈ ਕਿ ਪਰਵਿੰਦਰ ਝੋਟਾ ਕਤਲਕਾਂਡ ਨੂੰ ਲੈ ਕੇ ਮਾਨਸਾ 'ਚ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਪੀੜਤ ਪਰਿਵਾਰ ਦੇ ਸਮਰਥਨ 'ਚ ਸਾਹਮਣੇ ਆਏ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਉਠਾਈ ਜਾ ਰਹੀ ਹੈ। ਪਰਿਵਾਰ ਦੇ ਇਸ ਫ਼ੈਸਲੇ ਕਾਰਨ ਮਾਮਲਾ ਲਗਾਤਾਰ ਗੰਭੀਰ ਬਣਿਆ ਹੋਇਆ ਹੈ। ਧਰਨੇ ’ਤੇ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉੱਧਰ ਪਰਵਿੰਦਰ ਦੇ ਪਿਤਾ ਦੇ ਬਿਆਨ ਨੇ ਇਸ ਅੰਦੋਲਨ ਨੂੰ ਭਾਵਨਾਤਮਕ ਤੌਰ ’ਤੇ ਹੋਰ ਮਜ਼ਬੂਤੀ ਦਿੱਤੀ ਹੈ। ਪਰਿਵਾਰ ਆਪਣੀਆਂ ਮੰਗਾਂ ’ਤੇ ਅਡੋਲ ਹੈ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਚੁੱਕਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
