ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ

Friday, Oct 16, 2026 - 08:19 PM (IST)

ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ

ਮਾਨਸਾ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਪੀੜਤ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਨਵਾਂ ਫ਼ੈਸਲਾ ਕੀਤਾ ਗਿਆ ਹੈ। ਇਨਸਾਫ਼ ਕਮੇਟੀ ਦੇ ਮੈਂਬਰਾਂ ਨੇ 15 ਅਕਤੂਬਰ ਦੇ ਪੰਜਾਬ ਬੰਦ ਵਿਚ ਸਾਥ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਤੇ ਦੱਸਿਆ ਗਿਆ ਕਿ ਹੁਣ 19 ਅਕਤੂਬਰ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਸਾਲ ਮਾਨਸਾ ਵਿਚ ਦੁਸਹਿਰਾ ਵੀ ਨਹੀਂ ਮਨਾਇਆ ਜਾਵੇਗਾ। 

ਕਮੇਟੀ ਨੇ ਮੰਗ ਕੀਤੀ ਕਿ ਪਰਵਿੰਦਰ ਝੋਟੇ 'ਤੇ ਹੋਏ ਹਮਲੇ ਦੌਰਾਨ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਫ਼ੌਰੀ ਤੌਰ 'ਤੇ ਜਾਰੀ ਕੀਤਾ ਜਾਵੇ। ਕਮੇਟੀ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਪਰਵਿੰਦਰ ਸਿੰਘ ਝੋਟੇ ਦੇ ਨਾਂ 'ਤੇ ਸਟੇਡੀਅਮ ਜਾਂ ਟਰੌਮਾ ਸੈਂਟਰ ਜਿਹੀ ਕੋਈ ਯਾਦਗਾਰ ਬਣਾਈ ਜਾਵੇ। ਇਸ ਤੋਂ ਇਲਾਵਾ ਸਬੰਧਤ ਡਰੱਗ ਇੰਸਪੈਕਟਰ ਤੇ ਪੁਲਸ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਦਾ ਨੋਟਿਸ ਲੈਣ, ਨਹੀਂ ਤਾਂ ਨਸ਼ਾ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਦੇਵੇਗਾ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਸ ਮਾਮਲੇ ਵਿਚ ਜਵਾਬ ਤਲਬੀ ਕਰਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਆਪਣੇ ਪੁੱਤ ਦਾ ਸਸਕਾਰ ਨਹੀਂ ਕਰਨਗੇ।
 


author

Anmol Tagra

Content Editor

Related News