11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ ਆਪਣੇ ਇਲਾਕੇ ਦਾ ਹਾਲ

Thursday, Oct 15, 2026 - 06:11 PM (IST)

11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ ਆਪਣੇ ਇਲਾਕੇ ਦਾ ਹਾਲ

ਜਲੰਧਰ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਸੋਸ਼ਲ ਐਕਟਿਵਿਸਟ ਪਰਵਿੰਦਰ ਸਿੰਘ ਝੋਟਾ ਦੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਪੰਜਾਬ ਸਵੇੇਰੇ 6 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ, ਯਾਨੀ 11 ਘੰਟਿਆਂ ਲਈ ਬੰਦ ਰੱਖਿਆ ਗਿਆ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਹਰ ਹਿੱਸੇ ਤੋਂ ਪੂਰਨ ਸਮਰਥਨ ਮਿਲਿਆ। ਇੱਕਾ-ਦੁੱਕਾ ਘਟਨਾਵਾਂ ਤੋਂ ਇਲਾਵਾ ਲੋਕਾਂ ਨੇ ਆਪ-ਮੁਹਾਰੇ ਹੀ ਦੁਕਾਨਾਂ ਬੰਦ ਰੱਖੀਆਂ ਤੇ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ। ਕਈ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰਖਦਿਆਂ ਬੀਤੇ ਦਿਨੀਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ। ਸੂਬੇ ਦੇ ਸਾਰੇ ਸਰਕਾਰੀ ਸਕੂਲ ਖੁੱਲ੍ਹੇ ਸਨ, ਪਰ ਬਹੁਤੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਬਹੁਤ ਘੱਟ ਰਹੀ। ਪ੍ਰਦਰਸ਼ਨਕਾਰੀਆਂ ਵੱਲੋਂ ਹਾਈਵੇਅ ਵੀ ਜਾਮ ਕੀਤੇ ਗਏ।

PunjabKesari

ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਗੱਡੀਆਂ ਤੋਂ ਕੋਈ ਟੈਕਸ ਨਹੀਂ ਲਿਆ ਗਿਆ ਤੇ ਟੋਲ ਪਲਾਜ਼ੇ ਫ਼ਰੀ ਰੱਖੇ ਗਏ। ਇਸ ਦੌਰਾਨ ਸਾਰੇ ਸ਼ਹਿਰਾਂ ਵਿਚ ਹੀ ਭਾਰੀ ਪੁਲਸ ਫ਼ੋਰਸ ਵੀ ਤਾਇਨਾਤ ਰਿਹਾ ਤੇ ਕਈ ਥਾਈਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। 

PunjabKesari

ਲੁਧਿਆਣਾ ਵਿਚ ਰੋਸ ਪ੍ਰਦਰਸ਼ਨ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ। ਦਰਅਸਲ, ਇਹ ਨੌਜਵਾਨ ਵਿਰੋਧ ਪ੍ਰਦਰਸ਼ਨ ਦੌਰਾਨ 11 ਹਜ਼ਾਰ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ। ਉਸ ਨੂੰ ਤੁਰੰਤ ਹਸਪਤਾਲ ਵੀ ਲਿਜਾਇਆ ਗਿਆ, ਪਰ ਉਹ ਰਾਹ ਵਿਚ ਹੀ ਦਮ ਤੋੜ ਗਿਆ। ਜਵਾਨ ਪੁੱਤ ਦੀ ਮੌਤ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।

PunjabKesari

ਲੁਧਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿਚ ਬੰਦ ਨੂੰ ਪੂਰਨ ਸਮਰਥਨ ਮਿਲਿਆ। ਹਾਲਾਂਕਿ ਬਸਤੀ ਜੋਧੇਵਾਲ ਚੌਕ ਤੇ ਮਾਧੋਪੁਰੀ ਵਿਚ ਕੁਝ ਦੁਕਾਨਾਂ ਖੁੱਲ੍ਹੀਆਂ ਤੇ ਬਾਜ਼ਾਰ ਬੰਦ ਕਰਵਾਉਣ ਆਏ ਪ੍ਰਦਰਸ਼ਨਕਾਰੀਆਂ ਤੇ ਦੁਕਾਨਦਾਰਾਂ ਵਿਚਾਲੇ ਹਲਕੀ ਬਹਿਸਬਾਜ਼ੀ ਵੀ ਹੋਈ। ਇਸ ਦੌਰਾਨ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਵਾਉਣ ਦੇ ਤਰੀਕੇ ਦਾ ਵਿਰੋਧ ਕੀਤਾ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਨਾਲ ਧੱਕਾ-ਮੁੱਕੀ ਤੇ ਕੁੱਟਮਾਰ ਕਰ ਕੇ ਦੁਕਾਨਾਂ ਬੰਦ ਕਰਨ ਲਈ ਮਜਬੂਰ ਕਰ ਰਹੇ ਸਨ। ਦੁਕਾਨਦਾਰਾਂ ਨੇ ਕਿਹਾ ਕਿ ਜੇਕਰ ਬੰਦ ਦਾ ਸੱਦਾ ਦੇਣਾ ਹੈ ਤਾਂ ਇਹ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਅਫ਼ਸਰ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿਚ ਲਿਆਂਦਾ। ਇਸ ਮੌਕੇ ਏ.ਸੀ.ਪੀ. ਉੱਤਰੀ ਕਿੱਕਰ ਸਿੰਘ ਭੁੱਲਰ ਅਤੇ ਸਟੇਸ਼ਨ ਹਾਊਸ ਅਫ਼ਸਰ ਅਮਰਜੀਤ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦਾ ਹੈ ਜਾਂ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਵਿਵਾਦ ਨੂੰ ਕਾਨੂੰਨ ਦੇ ਦਾਇਰੇ ਵਿੱਚ ਹੱਲ ਕਰਨ ਦੀ ਅਪੀਲ ਕੀਤੀ।

PunjabKesari

PunjabKesari

PunjabKesari

PunjabKesari

ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਚ ਪ੍ਰਦਰਸ਼ਨ ਕਰ ਰਹੇ ਆਗੂਆਂ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਗੁਰੂ ਨਾਨਕ ਮਿਸ਼ਨ ਚੌਕ ਵਿਚ ਧਰਨਾ ਦਿੱਤਾ ਜਾ ਰਿਹਾ ਸੀ, ਪਰ ਪੁਲਸ ਵੱਲੋਂ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੁਲਸ ਅਫ਼ਸਰਾਂ ਦਾ ਕਹਿਣਾ ਸੀ ਕਿ ਸ਼ਹਿਰ ਵਿਚ ਮਾਹੌਲ ਸ਼ਾਂਤੀਪੂਰਨ ਚੱਲ ਰਿਹਾ ਹੈ ਤੇ ਇਸ ਦੌਰਾਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਪ੍ਰਦਰਸ਼ਨਕਾਰੀਆਂ ਨੂੰ ਸੜਕ ਦੀ ਬਜਾਏ ਫੁੱਟਪਾਥ 'ਤੇ ਪ੍ਰਦਰਸ਼ਨ ਕਰਨ ਲਈ ਆਖਿਆ ਗਿਆ ਸੀ। ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਦੁਕਾਨਾਂ ਬੰਦ ਰਹੀਆਂ। ਭਗਵਾਨ ਵਾਲਮੀਕਿ ਚੌਕ (ਜਿਓਤੀ ਚੌਕ) ਨੇੜੇ ਲੱਗਦੇ ਮੁੱਖ ਬਾਜ਼ਾਰਾਂ ਸਮੇਤ ਸ਼ਹਿਰ ਦੇ ਤਮਾਮ ਵੱਡੇ ਬਾਜ਼ਾਰਾਂ ਵਿਚ ਵੀ ਅੱਜ ਸੁੰਨ ਪਸਰੀ ਰਹੀ। ਇਸੇ ਤਰ੍ਹਾਂ ਅੰਮ੍ਰਿਤਸਰ, ਟਾਂਡਾ ਤੇ ਹੋਰ ਇਲਾਕਿਆਂ ਤੋਂ ਵੀ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਇਸ ਪ੍ਰਦਰਸ਼ਨ ਨੂੰ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰ, ਅਕਾਲੀ ਦਲ ਵਾਰਿਸ ਪੰਜਾਬ ਦੇ ਸਣੇ ਹੋਰ ਕਈ ਸਿਆਸੀ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ। ਕੁੱਲ ਮਿਲਾ ਕੇ ਪੰਜਾਬ ਬੰਦ ਦੇ ਸੱਦੇ ਨੂੰ ਪੂਰੇ ਪੰਜਾਬ ਤੋਂ ਹੁੰਗਾਰਾ ਮਿਲਿਆ ਤੇ ਸਾਰਿਆਂ ਨੇ ਇਕਜੁੱਟ ਹੋ ਕੇ ਪਰਵਿੰਦਰ ਸਿੰਘ ਝੋਟੇ ਲਈ ਇਨਸਾਫ਼ ਦੀ ਮੰਗ ਕੀਤੀ।


author

Anmol Tagra

Content Editor

Related News