ਪਰਵਿੰਦਰ ਸਿੰਘ ਛੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਾ ਐਲਾਨ
Wednesday, Nov 04, 2026 - 09:53 PM (IST)
ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਵਿਚਾਲੇ ਉੱਚ-ਪੱਧਰੀ ਬੈਠਕ ਹੋਈ। ਇਸ ਦੌਰਾਨ ਸਰਕਾਰ ਵੱਲੋਂ ਪਰਵਿੰਦਰ ਸਿੰਘ ਛੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਲਜੀਤ ਸਿੰਘ ਦੀ ਪਤਨੀ (ਪਿੰਡ ਧਾਮੇਂ ਕਲਾਂ) ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਗ੍ਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਡੀ.ਸੀ. ਦਫ਼ਤਰ ਮਾਨਸਾ ਵਿੱਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਦੂਜੇ ਪਾਸੇ ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਸਰਕਾਰੀ ਖ਼ਰਚੇ 'ਤੇ ਕਰਵਾਇਆ ਜਾਵੇਗਾ। ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਕਮੇਟੀ ਆਗੂ ਕਾਮਰੇਡ ਰਾਜਵਿੰਦਰ ਰਾਣਾ ਨੇ ਜਾਣਕਾਰੀ ਦਿੱਤੀ ਕਿ 5 ਤਾਰੀਖ਼ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਣ ਵਾਲਾ ਘਿਰਾਓ ਰੱਦ ਕਰ ਦਿੱਤਾ ਗਿਆ ਹੈ। ਕਮੇਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਪਰਵਿੰਦਰ ਸਿੰਘ ਛੋਟੇ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਉਦੋਂ ਹੀ ਕੀਤਾ ਜਾਵੇਗਾ, ਜਦੋਂ ਸਰਕਾਰ ਧਾਰਾ 307 ਤਹਿਤ ਦਰਜ ਪਰਚਾ ਰੱਦ ਕਰੇਗੀ ਅਤੇ ਲੱਖਾ ਸਿਧਾਣਾ ਸਮੇਤ ਬਾਕੀ ਸਾਥੀਆਂ ਨੂੰ ਰਿਹਾਅ ਕਰੇਗੀ।
ਇਹ ਅਹਿਮ ਬੈਠਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂਡੀਆਂ, ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਡਾਇਰੈਕਟਰ ਹਾਇਰ ਐਜੂਕੇਸ਼ਨ ਮੋਹਾਲੀ ਕੁਲਤਾਰ ਸਿੰਘ ਧੂਰੀ ਅਤੇ ਡੀ.ਸੀ. ਅਤੇ ਏ.ਡੀ.ਸੀ. ਮਾਨਸਾ ਦੀ ਅਗਵਾਈ ਹੇਠ ਹੋਈ। ਅਸਤੀਫ਼ੇ ਦੇ ਮੁੱਦੇ 'ਤੇ ਆਗੂਆਂ ਨੇ ਕਿਹਾ ਕਿ ਹੁਣ ਡੇਢ ਮਹੀਨੇ ਦਾ ਸਮਾਂ ਹੀ ਬਚਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿੱਚ ਚੋਣ ਜ਼ਾਬਤਾ ਲੱਗ ਜਾਵੇਗਾ ਅਤੇ ਸਭ ਕੁਝ ਆਪਣੇ ਆਪ ਬਦਲ ਜਾਵੇਗਾ।
