ਝੋਟਾ ਕਤਲ ਕਾਂਡ ਮਗਰੋ ਮਾਨਸਾ ’ਚ ਪੁਲਸ ਚੌਕਸੀ ਵਧਾਈ, ਚੁੱਕੇ ਗਏ ਇਹ ਵੱਡੇ ਕਦਮ
Tuesday, Oct 20, 2026 - 11:56 AM (IST)
ਮਾਨਸਾ (ਮਿੱਤਲ) : ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਸ਼ਹਿਰ ਵਿਚ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਸ਼ਹਿਰ ਦੇ ਚੱਪੇ-ਚੱਪੇ ’ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ ਤੇ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਸ ਵੱਲੋਂ ਜਿੱਥੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੌਕਸੀ ਵਰਤੀ ਜਾ ਰਹੀ ਹੈ, ਉੱਥੇ ਹੀ ਪੁਲਸ ਦੀਆਂ ਗੱਡੀਆਂ ਰਾਹੀਂ ਲਗਾਤਾਰ ਗਸ਼ਤ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਸ ਮੁਖੀ ਵੈਭਵ ਚੌਧਰੀ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ ਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਸ਼ਰਾਰਤੀ ਅਨਸਰ ਲੋਕਾਂ ਨਾਲ ਮਾੜਾ ਵਿਵਹਾਰ ਕਰਦਾ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਮੌਤ
ਪੁਲਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਐੱਸ.ਐੱਸ.ਪੀ. ਨੇ ਕਿਹਾ ਕਿ ਮਾਨਸਾ ਦੇ ਬਾਜ਼ਾਰ ਪੂਰੀ ਤਰ੍ਹਾਂ ਖੁੱਲ੍ਹੇ ਹਨ ਅਤੇ ਲੋਕਾਂ ਦੇ ਕੰਮ-ਧੰਦੇ ਅਮਨ-ਅਮਾਨ ਨਾਲ ਚੱਲ ਰਹੇ ਹਨ। ਪੁਲਸ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਸ਼ਹਿਰ ਵਿੱਚ ਸ਼ਾਂਤੀ ਕਾਇਮ ਰੱਖਣਾ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਨਸਾਫ਼ ਕਮੇਟੀ ਨੇ ਵੀ ਪੁਲਸ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦਾ ਕੋਈ ਵੀ ਵਿਅਕਤੀ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਹੀਂ ਕਰੇਗਾ। ਕਮੇਟੀ ਵੱਲੋਂ ਆਪਣਾ ਸੰਘਰਸ਼ ਸ਼ਾਂਤਮਈ ਢੰਗ ਨਾਲ ਜਾਰੀ ਰੱਖਦਿਆਂ ਰੋਸ ਪ੍ਰਗਟਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਗ੍ਰਿਫ਼ਤਾਰ ਕਾਂਸਟੇਬਲ ਕਰਨਬੀਰ ਸਿੰਘ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਵਿਚ ਲਗਾਤਾਰ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਕਾਰਨ ਪੁਲਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਭਾਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਪ੍ਰਬੰਧ ਕੀਤੇ ਗਏ ਹਨ। ਪੁਲਸ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾਉਣ ਤੇ ਹਰ ਸਥਿਤੀ ’ਤੇ ਨਜ਼ਰ ਰੱਖਣ। ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਵਿਚ ਸਹਿਯੋਗ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਅਪੁਸ਼ਟ ਜਾਣਕਾਰੀ ਜਾਂ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ। ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
