ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ

Thursday, Nov 10, 2022 - 12:22 PM (IST)

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁੱਧਵਾਰ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਦੌਰਾਨ ਬੀਤੇ ਸਮੇਂ ’ਚ ਅਕਾਲ ਚਲਾਣਾ ਕਰ ਗਈਆਂ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਵੀ ਕੀਤੇ ਗਏ।

* ਪਹਿਲੇ ਮਤੇ ਵਿਚ ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਲਈ ਸਹਿਯੋਗ ਕਰਨ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਿੱਖ ਇਤਿਹਾਸ ਦੇ ਇਨ੍ਹਾਂ ਸਾਕਿਆਂ ਅਤੇ ਮੋਰਚਿਆਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਕੌਮੀ ਟੀਚਿਆਂ ਲਈ ਸੰਗਠਤ ਰੂਪ ਵਿਚ ਅੱਗੇ ਵਧਣ ਦੀ ਕੌਮ ਨੂੰ ਅਪੀਲ ਕੀਤੀ ਗਈ।
* ਇਕ ਮਤੇ ਰਾਹੀਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖ ਸ਼ਕਤੀ ਕਮਜ਼ੋਰ ਕਰਨ ਲਈ ਪੰਥ ਵਿਰੋਧੀ ਸ਼ਕਤੀਆਂ ਦੀ ਚਾਲ ਕਰਾਰ ਦਿੰਦਿਆਂ ਇਸ ਨੂੰ ਮੁੱਢੋਂ ਰੱਦ ਕੀਤਾ ਗਿਆ।
* ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਵਚਨਬੱਧ ਰਹੇਗੀ ਅਤੇ ਇਸ ਲਹਿਰ ਨੂੰ ਹੋਰ ਅੱਗੇ ਵਧਾਉਣ ਲਈ 1 ਦਸੰਬਰ 2022 ਤੋਂ ਸੰਗਤ ਪਾਸੋਂ ਪ੍ਰੋਫਾਰਮੇ ਭਰਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ, ਜਿਸ ਮਗਰੋਂ ਇਹ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ।

* ਇਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਦੀ ਸਮੁੱਚੀ ਦੇਸ਼ ਅੰਦਰ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੀ ਯੋਜਨਾ ਦਾ ਸਖ਼ਤ ਵਿਰੋਧ ਕਰਦਿਆਂ ਆਖਿਆ ਗਿਆ ਕਿ ਇਹ ਯੋਜਨਾ ਦੇਸ਼ ਦੇ ਹਿੱਤ ’ਚ ਨਹੀਂ ਹੈ ਅਤੇ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਵੱਡਾ ਸਵਾਲ: ਬੀਬੀ ਜਗੀਰ ਕੌਰ ਦੇ ਹੱਕ ’ਚ ਵੋਟ ਪਾਉਣ ਵਾਲੇ 42 ਮੈਂਬਰਾਂ ਵਿਰੁੱਧ ਹੁਣ ਕੀ ਰੁਖ ਅਪਣਾਉਣਗੇ ਸੁਖਬੀਰ ਬਾਦਲ

* ਇਕ ਮਤੇ ਰਾਹੀਂ ਜੂਨ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਕੌਮ ਦਾ ਰਿਸਦਾ ਨਾਸੂਰ ਆਖਦਿਆਂ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਕੀਤੀ ਗਈ।
* ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਸੇਵਾ ਯਕੀਨੀ ਬਣਾਉਣ ਅਤੇ ਬੱਸ ਸੇਵਾ ਦਾ ਵੀ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਸ਼ਰਧਾਲੂਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਦਿੱਲੀ ਦੇ ਨਾਲ-ਨਾਲ ਅੰਮ੍ਰਿਤਸਰ ਵਿਖੇ ਵੀਜ਼ਾ ਕੇਂਦਰ ਖੋਲਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਜਾਣ ਵਾਲੀ ਸੰਗਤ ਨੂੰ ਸਰਹੱਦ ’ਤੇ ਮੌਕੇ ਵੀਜ਼ਾ ਦੇਣ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਇਸ ਮਤੇ ਰਾਹੀਂ ਪਾਕਿਸਤਾਨ ਦੇ ਗੁਰਧਾਮਾਂ ਲਈ ਹਰ ਸਾਲ ਜਾਣ ਵਾਲੇ ਚਾਰ ਜਥਿਆਂ ਦੀ ਤਰਜ਼ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਦਿਹਾੜਿਆਂ ਮੌਕੇ ਤਿੰਨ ਹੋਰ ਜਥੇ ਸ਼ਾਮਲ ਕਰਨ ਦੀ ਮੰਗ ਕੀਤੀ ਗਈ।
* ਇਕ ਮਤੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਸਰਕਾਰ ਨੂੰ ਅਪੀਲ ਕੀਤੀ ਗਈ ਅਤੇ ਪ੍ਰਕਿਰਿਆ ਸੌਖੀ ਕਰਨ ਲਈ ਆਨਲਾਈਨ ਇੰਦਰਾਜ ਫਾਰਮ ਦੀ ਥਾਂ ਆਧਾਰ ਕਾਰਡ ਰਾਹੀਂ ਮੌਕੇ ’ਤੇ ਹੀ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਮੰਗੀ ਗਈ।
* ਜਨਰਲ ਇਜਲਾਸ ਦੌਰਾਨ ਗੁਰੂ ਸਾਹਿਬਾਨ ਦੀ ਧਰਤੀ ਪੰਜਾਬ ’ਤੇ ਵੱਧ ਰਹੇ ਨਸ਼ਿਆਂ ਬਾਰੇ ਵੀ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਚੋਂ ਜਾਇਜ਼-ਨਾਜਾਇਜ਼ ਨਸ਼ੇ ਖ਼ਤਮ ਕਰਨ ਦੀ ਵਿਉਂਤਬੰਦੀ ਕੀਤੀ ਜਾਵੇ।
* ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੀ ਸੰਗਤ ’ਤੇ ਬੁਰਾ ਪ੍ਰਭਾਵ ਪਾ ਰਹੀ ਬੇਤਰਤੀਬੀ ਟ੍ਰੈਫਿਕ ਵਿਵਸਥਾ ਦਰੁੱਸਤ ਕਰਨ ਲਈ ਪੰਜਾਬ ਸਰਕਾਰ ਨੂੰ ਆਖਿਆ ਗਿਆ। ਸ੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਗੇਟਾਂ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਪੁੱਜਦੇ ਰਸਤਿਆਂ ਲਈ ਠੋਸ ਨੀਤੀ ਤਿਆਰ ਕਰਨ ਦੀ ਮੰਗ ਕੀਤੀ ਗਈ।
* ਇਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਦਾਰਿਆਂ ਨਾਲ ਸਬੰਧਤ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੈਂਬਰ ਇੰਚਾਰਜ ਨਿਯੁਕਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ : ਹਰਿਆਣਾ 'ਚ ਲਾਗੂ ਹੈ 'ਆਨੰਦ ਮੈਰਿਜ ਐਕਟ', ਪੰਜਾਬ 'ਚ ਕਈ ਅਸਫ਼ਲ ਕੋਸ਼ਿਸ਼ਾਂ ਮਗਰੋਂ ਹੁਣ ਨਜ਼ਰਾਂ ਮਾਨ ਸਰਕਾਰ 'ਤੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News