ਪੰਜਾਬ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ''ਚ ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਚਿੱਠੀ

Monday, Feb 23, 2026 - 06:25 PM (IST)

ਪੰਜਾਬ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ''ਚ ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਚਿੱਠੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਗੁਰਦਾਸਪੁਰ ਦੇ ਦੋਰਾਂਗਲਾ ਪੁਲਸ ਚੌਕੀ ਵਿਚ ਹੋਈ ਦੁਖਦਾਈ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਘਟਨਾ ਵਿਚ ਸਹਾਇਕ ਸਬ-ਇੰਸਪੈਕਟਰ (ASI) ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਜਾਨ ਚਲੀ ਗਈ ਸੀ।

ਪ੍ਰਤਾਪ ਸਿੰਘ ਬਾਜਵਾ ਨੇ ਇਸ ਘਟਨਾ ਦੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਵਿਚ ਸ਼ੱਕੀ ਹਰਕਤਾਂ ਦਿਖਾਈ ਦੇਣ ਦੇ ਬਾਵਜੂਦ ਅਜੇ ਤੱਕ ਪੰਜਾਬ ਪੁਲਸ ਜਾਂ BSF ਵੱਲੋਂ ਕੋਈ ਸਪੱਸ਼ਟ ਜਾਂ ਸਾਂਝਾ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਦੀ ਘਾਟ ਕਾਰਨ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲ ਰਹੀਆਂ ਹਨ, ਜਿਸ ਨਾਲ ਲੋਕਾਂ ਵਿਚ ਡਰ ਅਤੇ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ।

ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਬੰਧਤ ਏਜੰਸੀਆਂ ਰਾਹੀਂ ਇਸ ਮਾਮਲੇ ਦੀ ਤੱਥਾਂ ਦੇ ਆਧਾਰ 'ਤੇ ਤੁਰੰਤ ਬ੍ਰੀਫਿੰਗ ਦਿੱਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸੱਚਾਈ ਜਾਣਨਾ ਚਾਹੁੰਦੇ ਹਨ ਅਤੇ ਇਕ ਪਾਰਦਰਸ਼ੀ ਜਾਂਚ ਹੀ ਜਨਤਾ ਦਾ ਵਿਸ਼ਵਾਸ ਬਹਾਲ ਕਰ ਸਕਦੀ ਹੈ। ਬਾਜਵਾ ਅਨੁਸਾਰ, ਸਰਹੱਦੀ ਖੇਤਰ ਹੋਣ ਕਰਕੇ ਅਜਿਹੀਆਂ ਘਟਨਾਵਾਂ 'ਤੇ ਚੁੱਪੀ ਧਾਰਨ ਕਰਨਾ ਸੁਰੱਖਿਆ ਦੇ ਲਿਹਾਜ਼ ਨਾਲ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਚਿੱਠੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪਾਰਦਰਸ਼ਤਾ ਦਾ ਹੱਕਦਾਰ ਹੈ ਅਤੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਸਨਮਾਨ ਕਰਦਿਆਂ ਸੱਚ ਸਾਹਮਣੇ ਆਉਣਾ ਚਾਹੀਦਾ ਹੈ।


author

Anmol Tagra

Content Editor

Related News