ਪਟਿਆਲਾ, ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ''ਚ 550 ਅਹੁਦਿਆਂ ਨੂੰ ਮਨਜ਼ੂਰੀ

02/18/2020 8:53:07 PM

ਚੰਡੀਗੜ੍ਹ,(ਅਸ਼ਵਨੀ)- ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਜਲਦੀ ਹੀ 550 ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਬੈਠਕ 'ਚ ਇਸ ਮਤੇ 'ਤੇ ਮੋਹਰ ਲਾਈ ਗਈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਸਾਰੀਆਂ ਨਵੀਆਂ ਨਿਯੁਕਤੀਆਂ ਹੋਣਗੀਆਂ, ਜਿਨ੍ਹਾਂ 'ਚ 66 ਟੈਕਨੀਕਲ ਪੈਰਾ ਮੈਡੀਕਲ, 464 ਟੈਕਨੀਸ਼ੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀ ਅਤੇ ਵੀ. ਡੀ. ਆਰ. ਐੱਲ./ਐੱਮ. ਆਰ. ਯੂ. ਲੈਬ ਪ੍ਰਾਜੈਕਟਾਂ ਦੇ 20 ਅਹੁਦੇ ਸ਼ਾਮਲ ਹਨ। ਇਨ੍ਹਾਂ ਨਿਯੁਕਤੀਆਂ ਨਾਲ ਸਟਾਫ ਦੀ ਘਾਟ ਤਾਂ ਪੂਰੀ ਹੋਵੇਗੀ ਹੀ, ਜਨਤਾ ਨੂੰ ਬਿਹਤਰ ਸਿਹਤ ਸਹੂਲਤਾਂ ਵੀ ਮਿਲਣਗੀਆਂ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪਹਿਲਾਂ ਤੋਂ ਮਨਜ਼ੂਰਸ਼ੁਦਾ 9 ਅਹੁਦਿਆਂ 'ਤੇ ਨਿਯੁਕਤੀਆਂ ਦੇ ਨਾਲ-ਨਾਲ ਮੈਡੀਕਲ ਸਿੱਖਿਆ ਅਤੇ ਖੋਜ ਡਾਇਰੈਕਟਰਾਂ ਦੀਆਂ 5 ਨਵੀਆਂ ਅਸਾਮੀਆਂ 'ਤੇ ਨਿਯੁਕਤੀਆਂ ਨੂੰ ਵੀ ਮਨਜ਼ੂਰੀ ਦਿੱਤੀ।
ਇਸ ਤੋਂ ਇਲਾਵਾ ਮੋਹਾਲੀ ਦੇ ਸਰਕਾਰੀ ਮੈਡੀਕਲ ਕਾਲਜ ਦਾ ਨਾਂ ਬਦਲ ਕੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਰੱਖਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਨਵਾਂ ਸਥਾਪਤ ਹੋ ਰਿਹਾ ਮੈਡੀਕਲ ਕਾਲਜ ਸੂਬੇ ਦੇ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਰਕਾਰ ਦਾ ਮੰਤਵ ਪੂਰਾ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਦੇ ਖੇਤਰ 'ਚ ਆਪਣਾ ਕਰੀਅਰ ਬਣਾਉਣ ਦਾ ਮੌਕਾ ਪ੍ਰਦਾਨ ਕਰੇਗਾ।


Related News