ਪਟਿਆਲਾ ਤੇ ਬਠਿੰਡਾ ''ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
Thursday, Sep 03, 2026 - 07:27 PM (IST)
ਬਠਿੰਡਾ/ਪਟਿਆਲਾ (ਵਿਜੇ ਵਰਮਾ/ਜ.ਬ.): ਅੱਜ ਪਟਿਆਲਾ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਅਤੇ ਬਠਿੰਡਾ ਵਿਚ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਬੰਬ ਧਮਾਕੇ ਦੀਆਂ ਧਮਕੀਆਂ ਮਿਲੀਆਂ। ਇਸ ਮਗਰੋਂ ਸੁਰੱਖਿਆ ਏਜੰਸੀਆਂ ਵੀ ਅਲਰਟ ਮੋਡ 'ਤੇ ਆ ਗਈਆਂ। ਇਸ ਦੌਰਾਨ ਪੁਲਸ ਦੇ ਨਾਲ-ਨਾਲ ਡੌਗ ਸਕੁਐਡ ਤੇ ਬੰਬ ਸਕੁਐਡ ਦੀਆਂ ਟੀਮਾਂ ਨੇ ਮੌਕੇ 'ਤੇ ਬਹੁੰਚ ਕੇ ਬਾਰੀਕੀ ਨਾਲ ਜਾਂਚ ਕੀਤੀ।
ਜਾਣਕਾਰੀ ਮੁਤਾਬਕ, ਅੱਜ ਬਠਿੰਡਾ ਦੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਮਗਰੋਂ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਵੀਰਵਾਰ ਨੂੰ ਜ਼ਿਲ੍ਹਾ ਪਰਿਸ਼ਦ ਦਫ਼ਤਰ ਨੂੰ ਧਮਕੀ ਭਰੀ ਈਮੇਲ ਪ੍ਰਾਪਤ ਹੋਣ ਤੋਂ ਬਾਅਦ ਤੁਰੰਤ ਸੁਰੱਖਿਆ ਅਲਰਟ ਜਾਰੀ ਕਰ ਦਿੱਤਾ ਗਿਆ। ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਚ ਜ਼ਿਲ੍ਹਾ ਪਰਿਸ਼ਦ ਦਾ ਦਫ਼ਤਰ, ਲਾਇਬ੍ਰੇਰੀ ਅਤੇ ਕਈ ਦੁਕਾਨਾਂ ਹਨ। ਈਮੇਲ ਮਿਲਦੇ ਹੀ ਸਾਵਧਾਨੀ ਵਜੋਂ ਲਾਇਬ੍ਰੇਰੀ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਸੁਰੱਖਿਆ ਟੀਮਾਂ ਵੱਲੋਂ ਪੂਰੇ ਕੰਪਲੈਕਸ ਦੀ ਸੈਬੋਟੇਜ ਵਿਰੋਧੀ ਅਤੇ ਧਮਾਕਾ ਰੋਕੂ ਜਾਂਚ ਸ਼ੁਰੂ ਕਰ ਦਿੱਤੀ ਗਈ। ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਦੀ ਸੰਭਾਵਨਾ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
ਇਹ ਵੀ ਜ਼ਿਕਰਯੋਗ ਹੈ ਕਿ 26 ਅਗਸਤ ਨੂੰ ਵੀ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਅਤੇ ਕੁਝ ਵਿਦਿਅਕ ਅਦਾਰਿਆਂ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲੀਆਂ ਈ-ਮੇਲਾਂ ਮਿਲੀਆਂ ਸਨ। ਪੁਲਸ ਨੇ ਵੱਖ-ਵੱਖ ਥਾਵਾਂ ਦੀ ਤਲਾਸ਼ੀ ਲੈਣ ਤੋਂ ਬਾਅਦ ਇਨ੍ਹਾਂ ਈਮੇਲਾਂ ਨੂੰ ਹੋਕਸ ਕਰਾਰ ਦਿੱਤਾ ਸੀ, ਪਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਸੀ।
ਡੀ.ਐੱਸ.ਪੀ. ਅਰੁਣ ਮੁੰਡਨ ਨੇ ਦੱਸਿਆ ਕਿ ਧਮਕੀ ਮਿਲਣ ਤੋਂ ਬਾਅਦ ਇਮਾਰਤ ਨੂੰ ਖਾਲੀ ਕਰਵਾ ਕੇ ਸੈਬੋਟੇਜ ਵਿਰੋਧੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਈਮੇਲ ਕਿਸੇ ਖ਼ਾਲਿਸਤਾਨ ਪੱਖੀ ਗਰੁੱਪ ਵੱਲੋਂ ਭੇਜੀ ਗਈ ਹੈ। ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਹੁਣ ਪੁਲਸ ਅਤੇ ਸੁਰੱਖਿਆ ਏਜੰਸੀਆਂ ਲਈ ਮੁੱਖ ਮੰਤਰੀ ਦੇ 5 ਸਤੰਬਰ ਤੋਂ ਸ਼ੁਰੂ ਹੋ ਰਹੇ ਬਠਿੰਡਾ ਦੌਰੇ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਵੀ ਵੱਡੀ ਚੁਣੌਤੀ ਬਣ ਗਏ ਹਨ।
ਇਸੇ ਤਰ੍ਹਾਂ, ਪਟਿਆਲਾ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਲਹੌਰੀ ਗੇਟ ਅਤੇ ਸਿਟੀ ਥਾਣੇ ਦੀਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਦੌਰਾਨ ਸਪੈਸ਼ਲ ਸੈੱਲ ਦੇ ਨਾਲ-ਨਾਲ ਡੌਗ ਸਕੁਐਡ ਅਤੇ ਬੰਬ ਸਕੁਐਡ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਪੂਰੇ ਕੋਰਟ ਕੰਪਲੈਕਸ ਦੀ ਬਰੀਕੀ ਨਾਲ ਜਾਂਚ ਕੀਤੀ ਗਈ।
ਥਾਣਾ ਲਹੌਰੀ ਗੇਟ ਦੇ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਜਿਵੇਂ ਹੀ ਇਸ ਸਬੰਧੀ ਇਨਪੁਟ ਮਿਲੀ, ਉਸੇ ਸਮੇਂ ਸਾਰੀਆਂ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਪੁਲਸ ਅਧਿਕਾਰੀ ਮੁਤਾਬਕ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵਾਰ-ਵਾਰ ਅਜਿਹੀਆਂ ਧਮਕੀਆਂ ਦੇ ਕੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪਟਿਆਲਾ ਪੁਲਸ ਵੱਲੋਂ ਜਲਦ ਹੀ ਇਨ੍ਹਾਂ ’ਤੇ ਨੱਥ ਪਾਈ ਜਾਵੇਗੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਵੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ।
