ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਪਿਛੋਕੜ 'ਤੇ ਝਾਤ

Monday, Apr 01, 2019 - 04:32 PM (IST)

ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਪਿਛੋਕੜ 'ਤੇ ਝਾਤ

ਪਟਿਆਲਾ (ਬਲਜਿੰਦਰ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਟਿਆਲਾ ਲੋਕ ਸਭਾ ਸੀਟ ਤੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੁਰਜੀਤ ਸਿੰਘ ਰੱਖੜਾ ਪਹਿਲੀ ਵਾਰ 1999 'ਚ ਪਟਿਆਲਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ, ਉਸ ਸਮੇਂ ਵੀ ਉਨ੍ਹਾਂ ਦਾ ਮੁਕਾਬਲਾ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨਾਲ ਸੀ ਅਤੇ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਸਾਲ 2002 'ਚ ਉਹ ਹਲਕਾ ਸਮਾਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਬਣੇ ਤੇ ਪਹਿਲੀ ਵਾਰ ਵਿਧਾਇਕ ਚੁਣ ਕੇ ਪੰਜਾਬ ਵਿਧਾਨ ਸਭਾ 'ਚ ਪਹੁੰਚੇ। 2007 'ਚ ਫਿਰ ਤੋਂ ਉਹ ਸਮਾਣਾ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ 'ਚ ਉਤਰੇ ਪਰ ਉਹ ਕਾਂਗਰਸ ਦੇ ਉਮੀਦਵਾਰ ਬ੍ਰਹਮ ਮਹਿੰਦਰ ਤੋਂ 2000 ਦੇ ਅੰਤਰ ਨਾਲ ਹਾਰ ਗਏ । ਸਾਲ 2012 'ਚ ਉਨ੍ਹਾਂ ਨੂੰ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਸਮਾਣਾ ਤੋਂ ਆਪਣਾ ਉਮੀਦਵਾਰ ਬਣਾਇਆ, ਉਸ ਸਮੇਂ ਉਨ੍ਹਾਂ ਦਾ ਮੁਕਾਬਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨਾਲ ਹੋਇਆ। ਜਿਸ 'ਚੋਂ ਲਗਭਗ 7000 ਵੋਟਾਂ 'ਤੇ ਇਤਿਹਾਸਕ ਜਿੱਤ ਦਰਜ ਕੀਤੀ। ਉਨ੍ਹਾਂ ਦੀ ਇਸ ਜਿੱਤ ਤੋਂ ਪ੍ਰਭਾਵਿਤ ਹੋ ਕੇ ਸੂਬੇ 'ਚ ਮੁੜ ਬਣੀ ਅਕਾਲੀ ਭਾਜਪਾ ਸਰਕਾਰ 'ਚ ਪਾਰਟੀ ਨੇ ਉਨ੍ਹਾਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਬਣਾਇਆ। 

ਜਾਣਕਾਰੀ ਮੁਤਾਬਕ ਲਗਭਗ 2 ਸਾਲ ਬਾਅਦ ਮੰਤਰੀ ਮੰਡਲ 'ਚ ਹੋਏ ਫੇਰ ਬਦਲ ਦੇ ਦੌਰਾਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ। ਸਾਲ 2017 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਇਕ ਵਾਰ ਫਿਰ ਤੋਂ ਸਮਾਣਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ 'ਚ ਉਤਰੇ ਪਰ ਉਨ੍ਹਾਂ ਨੂੰ ਇਸ ਚੋਣ 'ਚ ਕਾਂਗਰਸ ਵਲੋਂ ਪਹਿਲੀ ਵਾਰ ਚੋਣ ਮੈਦਾਨ 'ਚ ਉਤਾਰੇ ਗਏ ਕਾਕਾ ਰਾਜਿੰਦਰ ਸਿੰਘ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਰੱਖੜਾ ਲਗਭਗ 10,000 ਵੋਟਾਂ ਦੇ ਵੱਡੇ ਨਾਲ ਹਾਰੇ। ਇਸ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਪਟਿਆਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਅਤੇ ਹੁਣ ਉਨ੍ਹਾਂ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।


author

Shyna

Content Editor

Related News