ਪਟਿਆਲਾ ਦੇ SSP ਤੇ SDM ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਸਿਹਤ ਦਾ ਲਿਆ ਜਾਇਜ਼ਾ
Saturday, Jan 25, 2025 - 04:56 AM (IST)

ਪਟਿਆਲਾ/ਸਨੌਰ (ਮਨਦੀਪ ਜੋਸਨ)- ਕਿਸਾਨੀ ਮੰਗਾਂ ਮੰਨਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਖਨੌਰੀ ਅਤੇ ਸ਼ੰਭੂ ਮੋਰਚਿਆਂ ’ਤੇ ਚੱਲ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ’ਚ ਪਹੁੰਚ ਗਿਆ, ਜਿਨ੍ਹਾਂ ਦੀ ਹਾਲਤ ਸਥਿਰ ਹੈ।
ਓਧਰ ਪਟਿਆਲਾ ਦੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਅਤੇ ਐੱਸ.ਡੀ.ਐੱਮ. ਇਸ਼ਮਤ ਵਿਜੇ ਸਿੰਘ ਨੇ ਆਪਣੀ ਟੀਮ ਨਾਲ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਜਾਇਜ਼ਾ ਲਿਆ।
ਐੱਸ.ਐੱਸ.ਪੀ. ਡਾ. ਨਾਨਕ ਸਿੰਘ ਨੇ ਬਾਕਾਇਦਾ ਡੱਲੇਵਾਲ ਨੂੰ ਸ਼ਿਫਟ ਕੀਤੇ ਨਵੇਂ ਆਧੁਨਿਕ ਕਮਰੇ ਦਾ ਵੀ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਇਤਿਹਾਸਕ ਸੱਤਿਆਗ੍ਰਹਿ ਹੈ। ਉਨ੍ਹਾਂ ਦੱਸਿਆ ਕਿ 26 ਜਨਵਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੇ ਦੇਸ਼ ’ਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਤਾਮਿਲਨਾਡੂ-ਕਰਨਾਟਕ ’ਚ 70 ਤੋਂ ਵੱਧ ਥਾਵਾਂ ਉੱਪਰ, ਪੰਜਾਬ-ਹਰਿਆਣਾ ’ਚ ਸੈਂਕੜੇ ਥਾਵਾਂ ਉੱਪਰ ਅਤੇ ਹੋਰ ਸੂਬਿਆਂ ’ਚ ਵੀ ਕਿਸਾਨਾਂ ਦੇ ਟਰੈਕਟਰ ਵੱਡੇ ਪੱਧਰ ’ਤੇ ਸੜਕਾਂ ’ਤੇ ਹੋਣਗੇ। ਓਧਰ ਮੱਧ ਪ੍ਰਦੇਸ਼ ਦੇ ਅਸ਼ੋਕ ਨਗਰ ’ਚ ਇਕ ਵੱਡੀ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ 13 ਫਰਵਰੀ ਤੋਂ ਚੱਲ ਰਿਹਾ ਕਿਸਾਨ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ’ਤੇ ਕੇਂਦ੍ਰਿਤ ਹੈ। ਇਸ ਦਾ ਕਿਸੇ ਹੋਰ ਮੁੱਦੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਸਸਪੈਂਡ, ਕੈਂਪਸ ਮੈਨੇਜਰ ਬਰਖ਼ਾਸਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e