ਗੈਰ-ਕਾਨੂੰਨੀ ਢੰਗ ਨਾਲ ਕਰਜ਼ਾ ਰਾਹਤ ਲੈਣ ਦੇ ਦੋਸ਼ ’ਚ ਪਟਵਾਰੀ ਤੇ 3 ਕਿਸਾਨਾਂ ਖ਼ਿਲਾਫ਼ ਕੇਸ ਦਰਜ

Tuesday, Feb 13, 2024 - 04:39 PM (IST)

ਗੈਰ-ਕਾਨੂੰਨੀ ਢੰਗ ਨਾਲ ਕਰਜ਼ਾ ਰਾਹਤ ਲੈਣ ਦੇ ਦੋਸ਼ ’ਚ ਪਟਵਾਰੀ ਤੇ 3 ਕਿਸਾਨਾਂ ਖ਼ਿਲਾਫ਼ ਕੇਸ ਦਰਜ

ਭਵਾਨੀਗੜ੍ਹ (ਵਿਕਾਸ ਮਿੱਤਲ) : ਗਲਤ ਰਿਪੋਰਟ ’ਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ ਪਟਿਆਲਾ ਨਿਵਾਸੀ ਪਟਵਾਰੀ ਬਲਕਾਰ ਸਿੰਘ ਮਾਲ ਹਲਕਾ ਹਮੀਰਗੜ੍ਹ ਜੋ ਮੌਜੂਦਾ ਸਮੇਂ ਤਹਿਸੀਲ ਦਫ਼ਤਰ ਭਵਾਨੀਗੜ੍ਹ ਵਿਖੇ ਤਾਇਨਾਤ ਹੈ, ਵਿਰੁੱਧ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਹਮੀਰਗੜ੍ਹ ਦੇ ਦੋ ਵਿਅਕਤੀਆਂ ਰਾਮ ਸਿੰਘ ਤੇ ਸੁਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਕਿਸਾਨ ਹਰਦੇਵ ਸਿੰਘ ਵਾਸੀ ਹਮੀਰਗੜ੍ਹ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਕਿਸਾਨਾਂ ਕੋਲ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ ਅਤੇ ਉਹ ਪਿਛਲੀ ਸਰਕਾਰ ਵੱਲੋਂ ਦਿੱਤੀ ਗਈ ਕਰਜ਼ਾ ਰਾਹਤ ਦਾ ਲਾਭ ਲੈਣ ਦੇ ਯੋਗ ਨਹੀਂ ਸਨ। 

ਇਨ੍ਹਾਂ ਮੁਲਜ਼ਮਾਂ ਨੇ ਪਟਵਾਰੀ ਨਾਲ ਮਿਲੀਭੁਗਤ ਕਰਕੇ ਲਾਭ ਲੈਣ ਲਈ ਖੇਤੀਬਾੜੀ ਵਿਭਾਗ ਕੋਲ ਫਰਜ਼ੀ ਹਲਫ਼ਨਾਮੇ ਦਾਇਰ ਕੀਤੇ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਪਟਵਾਰੀ ਨੇ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਸਬੰਧੀ ਅਸਲ ਰਿਪੋਰਟ ਪੋਰਟਲ 'ਤੇ ਅਪਲੋਡ ਨਹੀਂ ਕੀਤੀ ਸੀ ਤੇ ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਰਜ਼ਾ ਮੁਆਫ਼ ਕਰਵਾ ਲਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਰਾਮ ਸਿੰਘ ਨੇ 1,28,249 ਰੁਪਏ, ਸੁਰਿੰਦਰ ਸਿੰਘ ਨੇ 96,258 ਰੁਪਏ ਤੇ ਹਰਦੇਵ ਸਿੰਘ ਨੇ 1,77,716 ਰੁਪਏ ਦੀ ਕਰਜ਼ਾ ਰਾਹਤ ਪ੍ਰਾਪਤ ਕੀਤੀ। ਇਸ ਤਰ੍ਹਾਂ ਸਾਰੇ ਮੁਲਜ਼ਮਾਂ ਨੇ ਸਰਕਾਰੀ ਖਜ਼ਾਨੇ ਨੂੰ 4,02,222 ਰੁਪਏ ਦਾ ਨੁਕਸਾਨ ਪਹੁੰਚਾਇਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।


author

Gurminder Singh

Content Editor

Related News