ਪਟਵਾਰੀਆਂ ਦੀ ਨਿਯੁਕਤੀ ਚੋਣ ਜ਼ਾਬਤੇ ਦੀ ਉਲੰਘਣਾ : ਅਕਾਲੀ ਦਲ

12/16/2018 2:19:12 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਡਵੀਜ਼ਨ ਵਿਚ 73 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ  ਨੂੰ  ਸ਼ਰੇਆਮ  ਚੋਣ ਜ਼ਾਬਤੇ ਦੀ ਉਲੰਘਣਾ ਦੱਸਦਿਆਂ ਮਾਮਲਾ ਅੱਜ ਚੋਣ ਕਮਿਸ਼ਨ ਕੋਲ ਉਠਾਇਆ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ।  ਇੱਥੇ ਪੰਜਾਬ ਸੂਬਾ ਚੋਣ ਕਮਿਸ਼ਨ ਨੂੰ ਲਿਖੀ ਇੱਕ ਚਿੱਠੀ ਰਾਹੀਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਜਾਣੂੰ ਕਰਵਾਇਆ ਹੈ ਕਿ  ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਡਵੀਜ਼ਨਲ ਕਮਿਸ਼ਨਰ, ਬਠਿੰਡਾ, ਹਰਜੀਤ ਸਿੰਘ ਨੇ 73 ਨਵੇਂ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਸ਼ਰੇਆਮ ਚੋਣ ਜ਼ਾਬਤੇ ਦੀਆਂ ਧੱਜੀਆਂ ਉੁਡਾਈਆਂ ਹਨ।  ਚੋਣ ਜ਼ਾਬਤੇ ਦੀ ਉਲੰਘਣਾ ਦੀ ਇਹ ਘਟਨਾ ਜ਼ਿਲੇ ਦੇ ਡਿਪਟੀ ਕਮਿਸ਼ਨਰ, ਏ. ਡੀ. ਸੀ.  ਅਤੇ ਵੱਖ-ਵੱਖ ਸਬ-ਡਵੀਜ਼ਨਾਂ ਦੇ ਐੱਸ. ਡੀ. ਐੱਮਜ਼ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਪ੍ਰਸ਼ਾਸਨ ਲੋਕਤੰਤਰ ਦੀ ਰਾਖੀ ਕਰਨ ਦੀ ਥਾਂ ਉਲਟਾ ਇਸ ਨੂੰ ਢਾਹ ਲਾ ਰਿਹਾ ਹੈ।    ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀ ਭਾਰਤ ਸਰਕਾਰ ਦੇ ਚੋਣ ਕਮਿਸ਼ਨ ਵੱਲੋਂ ਕਰਵਾਈਆਂ ਜਾਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਲਈ ਤਾਂ ਫਿਕਰਮੰਦ ਹਨ ਪਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਚੋਣ ਜ਼ਾਬਤੇ ਦੀ ਉਨ੍ਹਾਂ ਨੂੰ ਭੋਰਾ ਪ੍ਰਵਾਹ ਨਹੀਂ ਹੈ।


Babita

Content Editor

Related News