ਲੁਧਿਆਣਾ ਜ਼ਿਲ੍ਹੇ ''ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ

Friday, Jul 10, 2026 - 05:56 PM (IST)

ਲੁਧਿਆਣਾ ਜ਼ਿਲ੍ਹੇ ''ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ

ਚੰਡੀਗੜ੍ਹ/ਲੁਧਿਆਣਾ : ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ।

ਇਹ ਵੀ ਪੜ੍ਹੋ : 21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ

ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 3500 ਰੁਪਏ ਵਿਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।


author

Gurminder Singh

Content Editor

Related News