ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਮੰਗੀ ਪਟਵਾਰੀ ਨੇ 15 ਹਜ਼ਾਰ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Wednesday, Mar 15, 2023 - 05:57 PM (IST)

ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਮੰਗੀ ਪਟਵਾਰੀ ਨੇ 15 ਹਜ਼ਾਰ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਫਗਵਾੜਾ (ਚੰਦਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਇਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ, ਵਾਸੀ ਨਹਿਰੂ ਨਗਰ, ਫਗਵਾੜਾ ਜੋਕਿ ਹੁਣ ਸਲੋਹ, ਯੂ. ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁੱਸਤੀ ਕਰਾਉਣ ਬਦਲੇ 15,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25,000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ।

ਇਹ ਵੀ ਪੜ੍ਹੋ :  ਜ਼ਿਮਨੀ ਚੋਣ ਲਈ ਟਿਕਟ ਮਿਲਣ ਮਗਰੋਂ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਚੌਧਰੀ ਦਾ ਵੱਡਾ ਬਿਆਨ

ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News