ਜ਼ਮੀਨੀ ਹਕੀਕਤਾਂ ਦੇ ਉਲਟ ਹੈ ਪਟਵਾਰੀਆਂ ਦੀਆਂ ਅਸਾਮੀਆਂ ਘੱਟ ਕਰਨ ਦਾ ਫ਼ੈਸਲਾ: ਪ੍ਰਤਾਪ ਬਾਜਵਾ
Wednesday, Aug 03, 2022 - 06:17 PM (IST)
ਗੁਰਦਾਸਪੁਰ (ਜੀਤ ਮਠਾਰੂ) - ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਅੰਦਰ ਪਟਵਾਰੀਆਂ ਦੀਆਂ 1050 ਅਸਾਮੀਆਂ ਖ਼ਤਮ ਕਰਨ ਦੇ ਕੀਤੇ ਗਏ ਫ਼ੈਸਲੇ ਦੀ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨੇ ਸਿੱਧ ਕਰ ਦਿੱਤਾ ਕਿ ਮਾਨ ਸਰਕਾਰ ਜ਼ਮੀਨੀ ਹਕੀਕਤਾਂ ਦੇ ਉਲਟ ਕੰਮ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਬਾਜਵਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਦੇ ਅੰਦਰ ਅਬਾਦੀ ਵਧ ਰਹੀ ਹੈ ਅਤੇ ਸ਼ਹਿਰੀਕਰਨ ਵੀ ਹੋ ਰਿਹਾ ਹੈ। ਅਸਾਮੀਆਂ ਦੀ ਗਿਣਤੀ ਵਿਚ ਵਾਧਾ ਕਰਨ ਦੀ ਬਜਾਏ ਮਾਨ ਸਰਕਾਰ ਨੇ ਕਈ ਅਹਿਮ ਪੱਖਾਂ ਅਤੇ ਤੱਥਾਂ ਨੂੰ ਨਜ਼ਰ-ਅੰਦਾਜ਼ ਕਰਕੇ ਪਟਵਾਰੀਆਂ ਦੀ ਗਿਣਤੀ ਵਿਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪਹਿਲਾਂ ਹੀ ਅਸਾਮੀਆਂ ਘੱਟ ਹੋਣ ਕਾਰਨ ਅਤੇ ਕੰਪਿਊਟਰੀਕਰਨ ਦੇ ਅਧੂਰੇ ਢਾਂਚੇ ਕਾਰਨ ਵਿਭਾਗ ਦੇ ਕੰਮ ਵਿਚ ਪੈਂਡੈਂਸੀ ਰਹਿੰਦੀ ਹੈ ਅਤੇ ਕਥਿਤ ਭ੍ਰਿਸ਼ਟਾਚਾਰ ਵਿਚ ਵਾਧਾ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਇਕ ਹੋਰ ਡਾਕਟਰ ਨੂੰ ਮਿਲੀ ਧਮਕੀ, ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਅਸਾਮੀਆਂ ਵਧਾਉਣ ਦੀ ਬਜਾਏ ਸਰਕਾਰ ਨੇ ਅਸਾਮੀਆਂ ਦੀ ਗਿਣਤੀ ਵਿਚ ਕਟੌਤੀ ਕੀਤੀ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਘੱਟ ਹੋਣਗੇ ਅਤੇ ਭ੍ਰਿਸ਼ਟਾਚਾਰ ਵਿਰੋਧੀ ਲੜਾਈ ਨੂੰ ਧੱਕਾ ਲੱਗੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਨਿੱਜੀ ਦਖ਼ਲ ਦੇਣ ਅਤੇ ਸੂਬੇ ਅੰਦਰ ਬਦਲੀਆਂ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿਚ ਰੱਖ ਕੇ ਫ਼ੈਸਲਾ ਕਰਨ।