ਕਿਸਾਨੀ ਸੰਘਰਸ਼ ਨੂੰ ਜਾਣਬੁੱਝ ਕੇ ਕੀਤਾ ਜਾ ਰਿਹੈ ਬਦਨਾਮ : ਬੀਬੀ ਜਗੀਰ ਕੌਰ

Saturday, Oct 16, 2021 - 10:50 PM (IST)

ਕਿਸਾਨੀ ਸੰਘਰਸ਼ ਨੂੰ ਜਾਣਬੁੱਝ ਕੇ ਕੀਤਾ ਜਾ ਰਿਹੈ ਬਦਨਾਮ : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ’ਤੇ ਬੀਤੇ ਕੱਲ੍ਹ ਵਾਪਰੀ ਘਟਨਾ ਨੂੰ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੰਜੀਦਾ ਹੋ ਕੇ ਕਿਸਾਨੀ ਮਸਲੇ ਦਾ ਹੱਲ ਕੱਢਣ ਵੱਲ ਵਧੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਅਤੇ ਇਸੇ ਦਾ ਨਤੀਜਾ ਹੈ ਕਿ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਵਿਖੇ 10 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਬੈਠੇ ਕਿਸਾਨਾਂ ਦਾ ਮਸਲਾ ਸਰਕਾਰ ਹੱਲ ਨਹੀਂ ਕਰ ਰਹੀ। ਦੂਸਰੇ ਪਾਸੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਚਿੰਤਾਜਨਕ ਹਨ। ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਦੀ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸੱਚਾਈ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਇਹ ਵੀ ਸਾਫ਼ ਹੋਣਾ ਚਾਹੀਦਾ ਹੈ ਕਿ ਕਿਹੜੀਆਂ ਸ਼ਕਤੀਆਂ ਜਾਣਬੁੱਝ ਕੇ ਸਿੱਖਾਂ ਨੂੰ ਬਦਨਾਮ ਕਰਨ ਦਾ ਯਤਨ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-ਕੇਂਦਰ ਦੇ ਪੰਜਾਬ ’ਤੇ ਹੱਲੇ ਖ਼ਿਲਾਫ ਹੋਣ ਇਕਜੁੱਟ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ-ਮੁੱਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਗੁਰ-ਅਸਥਾਨਾਂ ਵਿਖੇ ਬਦਸਲੂਕੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਹੋਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ ਦਾ ਨਿਰਾਦਰ ਕਰਨਾ ਕੌਮ ਨੂੰ ਬਦਨਾਮ ਕਰਨ ਵਾਲੀ ਕਾਰਵਾਈ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ ਕਾਰੋਬਾਰ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

 


author

Manoj

Content Editor

Related News