ਕੇਂਦਰੀ ਵਿੱਤ ਮੰਤਰੀ ਜੇਤਲੀ ਦੇ ਬਿਆਨ ''ਤੇ ਕਿਸਾਨ ਭੜਕੇ
Wednesday, Jun 14, 2017 - 02:17 PM (IST)
ਲੁਧਿਆਣਾ - ਕਿਸਾਨੀ ਕਰਜ਼ਿਆਂ ਉੱਪਰ ਲਕੀਰ ਫੇਰਨ ਦੇ ਮਾਮਲੇ 'ਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਪੱਲਾ ਝਾੜ ਦੇਣ ਕਾਰਨ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਭੜਕ ਉੱਠੇ ਹਨ। ਕੇਂਦਰ ਸਰਕਾਰ ਨੂੰ ਘੇਰਨ ਲਈ ਕਿਸਾਨ ਯੂਨੀਅਨਾਂ ਵੱਲੋਂ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਵਫਦ ਨੇ ਮੱਧ ਪ੍ਰਦੇਸ਼ ਵਿਖੇ 7 ਕਿਸਾਨਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਕਿਸਾਨਾਂ ਦੇ ਕਰਜ਼ੇ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਗਵਰਨਰ ਪੰਜਾਬ ਨੂੰ ਮੰਗ-ਪੱਤਰ ਸੌਂਪਿਆ।
ਮੰਗ-ਪੱਤਰ ਸੌਂਪਣ ਉਪਰੰਤ ਲੱਖੋਵਾਲ ਨੇ ਦੱਸਿਆ ਕਿ ਕਿਸਾਨ ਵਿਰੋਧੀ ਫੈਸਲਿਆਂ ਦੇ ਖਿਲਾਫ ਦਿੱਲੀ ਦੀਆਂ ਸੜਕਾਂ ਜਾਮ ਕਰਨ ਲਈ ਵੱਡੀ ਗਿਣਤੀ 'ਚ ਕਿਸਾਨ 14 ਜੂਨ ਨੂੰ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਪਿੰਡਾਂ 'ਚੋਂ ਰਵਾਨਾ ਹੋਣਗੇ। 15 ਜੂਨ ਨੂੰ ਰੋਸ ਧਰਨਾ ਦੇ ਕੇ ਇਹ ਮੰਗ ਕਰਨਗੇ ਕਿ ਮੱਧ ਪ੍ਰਦੇਸ਼ ਸਰਕਾਰ ਨੂੰ ਭੰਗ, ਕਿਸਾਨਾਂ ਉੱਪਰ ਗੋਲੀਆਂ ਚਲਾਉਣ ਵਾਲੇ ਅਧਿਕਾਰੀਆਂ ਨੂੰ ਬਰਖਾਸਤ, ਪੀੜਤ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਮੰਗ ਕੀਤੀ ਜਾਵੇਗੀ ਕਿ ਵਿੱਤ ਮੰਤਰੀ ਅਰੁਣ ਜੇਤਲੀ ਆਪਣਾ ਬਿਆਨ ਵਾਪਸ ਲੈਣ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਕਰਜ਼ਿਆ Àੁੱਪਰ ਲਕੀਰ ਫੇਰਨ ਦਾ ਐਲਾਨ ਕਰੇ। ਪਸ਼ੂ ਵਪਾਰ ਉੱਪਰ ਲਾਈ ਪਾਬੰਦੀ ਵੀ ਹਟਾਈ ਜਾਵੇ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮੇਹਲੋ ਅਤੇ ਜਨਰਲ ਸਕੱਤਰ ਵਿੱਤ ਗੁਰਵਿੰਦਰ ਸਿੰਘ ਕੂੰਮ ਕਲਾਂ ਵੀ ਮੌਜੂਦ ਸਨ।
ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦਾ ਝੋਲੀ ਚੁੱਕ ਹੋਣਾ ਹੋਇਆ ਜਗ-ਜ਼ਾਹਿਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਵਿੱਤ ਮੰਤਰੀ ਦੇ ਇਸ ਬਿਆਨ ਨਾਲ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦਾ ਝੋਲੀ ਚੁੱਕ ਹੋਣਾ ਜਗ-ਜ਼ਾਹਿਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਡੇ ਉਦਯੋਗਿਕ ਅਤੇ ਵਪਾਰਕ ਘਰਾਣਿਆਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮੁਆਫ ਅਤੇ ਟੈਕਸਾਂ ਤੋਂ ਰਾਹਤ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਦੇਸ਼ ਦਾ ਅੰਨਦਾਤਾ ਕਿਸਾਨ ਆਰਥਿਕ ਸੰਕਟ ਕਾਰਨ ਖੁਦਕੁਸ਼ੀਆਂ ਕਰਨ ਦੇ ਰਾਹ 'ਤੇ ਚੱਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਿਕ ਫਸਲਾਂ ਦੇ ਭਾਅ ਨਿਸ਼ਚਿਤ ਕਰਨ ਦੀ ਮੰਗ ਕਰਦੀਆਂ ਆ ਰਹੀਆਂ ਹਨ ਪਰ ਸਮੇਂ ਦੀਆਂ ਸਰਕਾਰਾਂ ਇਸ ਮੰਗ ਨੂੰ ਠੰਡੇ ਬਸਤੇ ਵਿਚ ਪਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਰਹੀਆਂ ਹਨ। ਉਨ੍ਹਾਂ ਚਿਤਵਾਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਫਿਰ ਸੰਸਦ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਇਸ ਧਰਨੇ 'ਚ ਪੰਜਾਬ ਭਰ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਸ਼ਮੂਲੀਅਤ ਕਰਨਗੇ।
