'ਪੰਜਾਬ 'ਚ 35 ਲੱਖ ਪੈਨਸ਼ਨ ਧਾਰਕਾਂ ਦੀ ਰੁਕੀ ਪੈਨਸ਼ਨ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
Friday, Mar 06, 2026 - 01:24 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਦਿਆਂ ਪੈਨਸ਼ਨਾਂ 'ਚ ਹੋ ਰਹੀ ਦੇਰੀ ਨੂੰ 'ਬੇਹੱਦ ਚਿੰਤਾਜਨਕ ਅਤੇ ਗੰਭੀਰ' ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 35.3 ਲੱਖ ਲਾਭਪਾਤਰੀ, ਜਿਨ੍ਹਾਂ 'ਚ ਬਜ਼ੁਰਗ, ਵਿਧਵਾਵਾਂ ਅਤੇ ਦਿਵਿਆਂਗ ਸ਼ਾਮਲ ਹਨ, ਉਹ ਅਕਤੂਬਰ ਤੋਂ ਦਸੰਬਰ 2025 ਤੱਕ ਆਪਣੀ ਸਮਾਜਿਕ ਸੁਰੱਖਿਆ ਪੈਨਸ਼ਨ ਤੋਂ ਵਾਂਝੇ ਰਹੇ ਹਨ ਅਤੇ ਇਸ ਨੂੰ ਤੁਰੰਤ ਜਾਰੀ ਕੀਤਾ ਜਾਵੇ।
ਜੀਵਨ ਰੇਖਾ, ਕੋਈ ਅਹਿਸਾਨ ਨਹੀਂ
ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਸੂਬੇ ਦੇ ਸਭ ਤੋਂ ਕਮਜ਼ੋਰ ਵਰਗਾਂ ਲਈ ਕੋਈ ਸਰਕਾਰੀ 'ਅਹਿਸਾਨ' ਨਹੀਂ, ਸਗੋਂ ਉਨ੍ਹਾਂ ਦੀ ਜੀਵਨ ਰੇਖਾ ਅਤੇ ਬੁਨਿਆਦੀ ਹੱਕ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਨਾਗਰਿਕ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਇਸ ਮਾਮੂਲੀ ਸਹਾਇਤਾ 'ਤੇ ਨਿਰਭਰ ਹਨ ਅਤੇ ਤਿੰਨ ਮਹੀਨਿਆਂ ਦੀ ਦੇਰੀ ਪ੍ਰਬੰਧਕੀ ਨਾਕਾਮੀ ਦੇ ਨਾਲ-ਨਾਲ ਉਨ੍ਹਾਂ ਲੋਕਾਂ 'ਤੇ ਵੱਡਾ ਬੋਝ ਹੈ, ਜੋ ਪਹਿਲਾਂ ਹੀ ਸੰਘਰਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ ਮੀਟਰ...
ਅਧੂਰੇ ਚੋਣ ਵਾਅਦੇ
ਵਿਧਾਇਕ ਨੇ ਆਮ ਆਦਮੀ ਪਾਰਟੀ ਦੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਮੌਜੂਦਾ ਘੱਟ ਰਾਸ਼ੀ ਨੂੰ ਵੀ ਨਿਯਮਤ ਰੂਪ 'ਚ ਦੇਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਹਾਨੇ ਬਣਾਉਣੇ ਬੰਦ ਕਰੇ ਅਤੇ ਤੁਰੰਤ ਪੈਨਸ਼ਨ 'ਚ 1000 ਰੁਪਏ ਦਾ ਵਾਧਾ ਕਰਕੇ ਇਸ ਨੂੰ 2500 ਰੁਪਏ ਤੱਕ ਪਹੁੰਚਾਏ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
ਕਾਰਵਾਈ ਦੀ ਮੰਗ
ਪਰਗਟ ਸਿੰਘ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਕਤੂਬਰ ਤੋਂ ਦਸੰਬਰ ਤੱਕ ਦੀ ਪੈਨਸ਼ਨ ਦੀ ਸਾਰੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਭਵਿੱਖ 'ਚ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਇੱਕ ਸਥਾਈ ਪ੍ਰਣਾਲੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖੋਖਲੀ ਬਿਆਨਬਾਜ਼ੀ ਨਹੀਂ, ਸਗੋਂ ਜਵਾਬਦੇਹੀ ਦੀ ਉਮੀਦ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
