''ਲੂ'' ਚੱਲਣ ਦਰਮਿਆਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

Wednesday, Jun 11, 2025 - 12:14 PM (IST)

''ਲੂ'' ਚੱਲਣ ਦਰਮਿਆਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਮੋਹਾਲੀ (ਰਣਬੀਰ) : ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ ਲੋਕਾਂ ਨੂੰ 'ਲੂ' ਤੋਂ ਬਚਣ ਦੀ ਸਲਾਹ ਦਿੱਤੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ 'ਲੂ' ਦੇ ਮੌਸਮ ’ਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਂ ਕਿ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ 'ਲੂ' ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਵੀ 'ਲੂ' ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ. ਆਰ. ਐੱਸ. ਦਾ ਘੋਲ ਆਦਿ ਸ਼ਾਮਲ ਹਨ।

ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਂ ਸਿਖ਼ਰ ਦੁਪਹਿਰੇ ਬਾਹਰ ਨਿਕਲਣ ਤੋਂ ਪਰਹੇਜ਼ ਕੀਤਾ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਡਾ. ਜੈਨ ਨੇ ਕਿਹਾ ਕਿ ਗਰਮੀ ਤੇ 'ਲੂ' ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਅਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ’ਤੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬਿਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬਿਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ’ਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇਕਰ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ’ਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।
ਗਰਮੀ ਤੋਂ ਬਚਾਅ ਲਈ ਇਹ ਕਰੋ
ਆਪਣੇ ਘਰ ਨੂੰ ਠੰਡਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਡਾ ਰੱਖੋ। ਹਲਕੇ ਰੰਗ ਦੇ ਕੱਪੜੇ ਪਾਓ। ਬਾਹਰ ਜਾਣ ’ਤੇ ਐਨਕ ਲਾਉ ਅਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਡੀ ਥਾਂ ਲੱਭੋ, ਜਿਵੇਂ ਰੁੱਖ਼ ਜਾਂ ਹੋਰ ਛਾਂਦਾਰ ਥਾਂ। ਨੰਗੇ ਪੈਰ ਬਾਹਰ ਨਾ ਜਾਓ। ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਧੁੱਪ ’ਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਓ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪਰਹੇਜ਼ ਕੀਤਾ ਜਾਵੇ।
ਇਹ ਨਾ ਕਰੋ
ਗਰਮੀ ਦੇ ਸਿਖ਼ਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ’ਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਓ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।


author

Babita

Content Editor

Related News