ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

08/30/2017 1:34:32 AM

ਗੜ੍ਹਦੀਵਾਲਾ, (ਜਤਿੰਦਰ)- ਪਿੰਡ ਧੁੱਗਾ ਕਲਾਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਪਿੰਡ ਦੇ ਬਾਹਰਵਾਰ ਸਥਿਤ ਆਬਾਦੀ ਦੇ ਵਸਨੀਕਾਂ ਬਲਦੇਵ ਸਿੰਘ, ਅਮਰਜੀਤ ਸਿੰਘ, ਅਮਰਨਾਥ ਸਿੰਘ, ਦਿਲਬਾਗ ਸਿੰਘ, ਸ਼ੀਤਲ ਸਿੰਘ, ਮੋਨੂੰ, ਹਰਮੇਸ਼ ਸਿੰਘ, ਦਿਲਵਰ ਸਿੰਘ, ਰਿੰਪਾ, ਹੈਪੀ, ਸੁੱਚਾ ਸਿੰਘ, ਲੱਕੀ, ਸੁਰਿੰਦਰ ਸਿੰਘ, ਵਿੱਕੀ, ਜਗਤਾਰ ਸਿੰਘ, ਸਤਨਾਮ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਪਿਛਲੇ ਲਗਭਗ 80-90 ਸਾਲਾਂ ਤੋਂ ਪਿੰਡ ਧੁੱਗਾ ਕਲਾਂ ਵਿਖੇ ਰਹਿ ਰਹੇ ਹਨ। ਉਹ ਕੁਲ 15 ਪਰਿਵਾਰ ਹਨ। 
ਉਨ੍ਹਾਂ ਦੀਆਂ ਗਲੀਆਂ-ਨਾਲੀਆਂ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤੀ ਦਿਨਾਂ ਵਿਚ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ। ਨਿਕਾਸੀ ਨਾ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਸੜਕ ਵਿਚਕਾਰ ਖੜ੍ਹਾ ਰਹਿੰਦਾ ਹੈ ਅਤੇ ਇਹ ਪਾਣੀ ਨਜ਼ਦੀਕੀ ਖੇਤਾਂ ਵਿਚ ਪੈ ਰਿਹਾ ਹੈ, ਜਿਸ ਕਾਰਨ ਸੰਬੰਧਿਤ ਕਿਸਾਨ ਵੀ ਪ੍ਰੇਸ਼ਾਨ ਹਨ। ਗੰਦੇ ਪਾਣੀ ਕਾਰਨ ਹਰ ਵੇਲੇ ਬੀਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਤੇ ਪੰਚਾਇਤਾਂ ਬਦਲੀਆਂ ਪਰ ਉਨ੍ਹਾਂ ਦੀ ਇਸ ਸਮੱਸਿਆ ਦਾ ਅੱਜ ਤੱਕ ਵੀ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਪੰਜਾਬ ਸਰਕਾਰ ਤੇ ਸੰਬੰਧਿਤ ਅਧਿਕਾਰੀਆਂ ਤੋਂ ਪਹਿਲ ਦੇ ਆਧਾਰ 'ਤੇ ਇਸ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਤਾਂ ਜੋ ਉਹ ਰੋਜ਼-ਰੋਜ਼ ਦੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾ ਸਕਣ।