ਰਜ਼ਿਸ਼ਟਰੀਆਂ ਕਰਵਾਉਣ ਵਾਲੇ ਲੋਕ ਸਰਕਾਰ ਦੇ ਫੈਂਸਲੇ ਤੋਂ ਖੁਸ਼, ਖੱਜਲ ਖੁਆਰੀ ਹੋਈ ਬੰਦ
Friday, Jul 04, 2025 - 03:38 AM (IST)

ਬੁਢਲਾਡਾ (ਚਤਰ ਸਿੰਘ) - ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਅੱਜ ਐਸਡੀਐਮ ਗਗਨਦੀਪ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਹਿਰਦੈਪਾਲ ਸਿੰਘ ਨੇ ਕੀਤੀ। ਜਿਸ ਪ੍ਰੀਕਿਰਿਆ ਨੂੰ ਮੁਕੰਮਲ ਕਰਨ ਤੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਕਾਫੀ ਰਾਹਤ ਮਿਲੀ। ਇਸ ਮੌਕੇ ਤੇ ਬੋਲਦਿਆਂ ਐਸ.ਡੀ.ਐਮ. ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਨਾਲ ਈ-ਪ੍ਰਣਾਲੀ ਰਾਹੀਂ ਰਜ਼ਿਸ਼ਟਰੀਆਂ ਸ਼ੁਰੂ ਕਰਕੇ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਅੱਜ ਮੌਕੇ ਤੇ 9 ਰਜ਼ਿਸ਼ਟਰੀਆਂ ਦੀ ਪ੍ਰੀਕਿਰਿਆਂ ਮੁਕੰਮਲ ਕੀਤੀ ਗਈ। ਉਨਾਂ ਕਿਹਾ ਕਿ ਹੁਣ ਆਮ ਲੋਕਾਂ ਨੂੰ ਦਫ਼ਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ, ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।
ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ ਜ਼ਿਲੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂ ਹੋ ਸਕਣ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ’ਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ, ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ’ਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ, ਜਿਸ ਨਾਲ ਬੈਂਕਾਂ ’ਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਕਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ।
ਉਨ੍ਹਾਂ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਕੋਲੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ। ਇਸ ਮੌਕੇ ਤੇ ਤਹਿਸੀਲ ਦੇ ਏ.ਐਸ.ਐਮ ਪ੍ਰਮੋਦ ਕੁਮਾਰ, ਆਰ.ਸੀ. ਸੁਰੇਸ਼ ਕੁਮਾਰ, ਕਾਨੂੰਗੋ ਧਰਮਜੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਮੌਜੂਦ ਸੀ। ਇਸੇ ਤਰ੍ਹਾਂ ਬਰੇਟਾ ਸਬ ਤਹਿਸੀਲ ਅੰਦਰ ਨਾਇਬ ਤਹਿਸੀਲਦਾਰ ਰਾਜੀਵ ਕੁਮਾਰ ਖੋਂਸਲਾ ਨੇ ਵੀ ਈ-ਪ੍ਰਣਾਲੀ ਹੇਠ ਰਜ਼ਿਸ਼ਟਰੀਆਂ ਦੀ ਪ੍ਰੀਕਿਰਿਆ ਸ਼ੁਰੂ ਕਰਵਾਈ।