ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਦਸਤਾਵੇਜ਼ਾਂ ਸਬੰਧੀ ਹੁਣ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

Sunday, Jul 07, 2024 - 05:08 PM (IST)

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਦਸਤਾਵੇਜ਼ਾਂ ਸਬੰਧੀ ਹੁਣ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਮਕਸਦ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਸਰਕਾਰੀ ਅਧਿਆਪਕ ਨੂੰ ਸਹੁਰੇ ਘਰ ਪੈਟਰੋਲ ਪਾ ਕੇ ਸਾੜਿਆ

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ. ਡੀਜ਼. ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਪੁੱਜੇ ਲੁਧਿਆਣਾ, ਇਲਾਜ ਅਧੀਨ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਪੁੱਛਿਆ ਹਾਲ (ਵੀਡੀਓ)

ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਿਤ ਦਫ਼ਤਰ ਵੱਲੋਂ ਸਬੰਧਿਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ। ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ 'ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News