ਸਰਕਾਰ ਨੇ ਰਾਜਨੀਤੀ ਖੇਡਦਿਆਂ ਸਾਡੇ ਪਾਸਪੋਰਟਾਂ ''ਤੇ ਲਾਈ ਰੋਕ : ਬੈਂਸ

11/09/2019 10:45:07 PM

ਲੁਧਿਆਣਾ,(ਜ.ਬ.): ਲੋਕ ਇਨਸਾਫ ਪਾਰਟੀ ਦੇ ਆਗੂ ਬੈਂਸ ਭਰਾਵਾਂ ਨੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ 'ਤੇ ਧੰਨਵਾਦ ਕੀਤਾ। ਉੱਥੇ ਹੀ ਇਹ ਵੀ ਮੰਗ ਕੀਤੀ ਹੈ ਕਿ ਮੋਦੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇ ਕੇ ਪੰਜਾਬ ਸਮੇਤ ਹੋਰਨਾਂ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 'ਤੇ ਇਤਿਹਾਸਕ ਤੋਹਫਾ ਦਿੰਦੇ ਤਾਂ ਸੋਨੇ 'ਤੇ ਸੁਹਾਗੇ ਵਾਲੀ ਗੱਲ ਬਣ ਜਾਣੀ ਸੀ। ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਨੇ ਸੌੜੀ ਰਾਜਨੀਤੀ ਨੂੰ ਪਹਿਲ ਦਿੰਦੇ ਹੋਏ ਅਦਾਲਤਾਂ ਵਿਚ ਕਾਗਜ਼ੀ ਕਾਰਵਾਈ ਪੂਰੀ ਨਹੀਂ ਕੀਤੀ, ਜਿਸ ਕਰ ਕੇ ਬੈਂਸ ਭਰਾਵਾਂ ਦੇ ਪਾਸਪੋਰਟ ਨਹੀਂ ਮਿਲ ਸਕੇ ਅਤੇ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅਦਾਲਤ ਵਲੋਂ ਉਨ੍ਹਾਂ ਦੇ ਪਾਸਪੋਰਟ ਮਿਲਦੇ ਹਨ ਤਾਂ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜਥੇ. ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।