Call 1076: ਮੁੱਕੀ ਖੱਜਲ-ਖੁਆਰੀ, ਹੁਣ ਨਹੀਂ ਖਾਣੇ ਪੈ ਰਹੇ ਸਰਕਾਰੀ ਦਫ਼ਤਰਾਂ 'ਚ ਧੱਕੇ
Wednesday, Sep 25, 2024 - 03:41 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਿੱਚ 'ਸਰਕਾਰ ਤੁਹਾਡੇ ਦੁਆਰ' ਸਕੀਮ 2022 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਟੀਚਾ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਦੀ ਲੋੜ ਨਾ ਪਵੇ। ਇਹ ਸਕੀਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਪਹੁੰਚਾਉਣ 'ਤੇ ਕੇਂਦ੍ਰਿਤ ਹੈ। ਇਸ ਸਕੀਮ ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ ਬੈਠੇ ਮਿਲ ਰਹੀਆਂ ਹਨ।
ਉਥੇ ਹੀ ਇਸੇ ਤਰ੍ਹਾਂ ਇਲਾਕੇ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸੇਵਾ ਸਮਾਗਮ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ 'ਸੇਵਾ ਸਮਾਗਮ' ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਭਾਗ ਲੈ ਰਹੇ ਹਨ, ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ।
ਇਸੇ ਦਰਮਿਆਨ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਬੀਤੇ ਦਿਨੀਂ ਖਰੜ ਵਿਖੇ 'ਸੇਵਾ ਸਮਾਗਮ' ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਅਤੇ ਮੌਕੇ ਉਤੇ ਕਈ ਸਮੱਸਿਆਵਾਂ ਦਾ ਨਿਪਟਾਰਾ ਵੀ ਕਰਵਾਇਆ। ਇਸ ਮੌਕੇ ਲੋਕਾਂ ਨੇ ਆਪਣੇ-ਆਪਣੇ ਇਲਾਕੇ ਨਾਲ ਸਬੰਧਤ ਸੜਕਾਂ, ਸੀਵਰੇਜ ਸਮੇਤ ਕੋਈ ਸਮੱਸਿਆਵਾਂ ਤੋਂ ਅਨਮੋਲ ਗਗਨ ਮਾਨ ਨੂੰ ਜਾਣੂੰ ਕਰਵਾਇਆ ਅਤੇ ਵਿਧਾਇਕਾ ਵੱਲੋਂ ਕਈ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਹੋਏ ਮੌਕੇ ਉਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਵੀ ਦਿੱਤੇ ਗਏ। ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਸਰਕਾਰੀ ਕੰਮਕਾਜ ਲਈ 'ਸਰਕਾਰ ਤੁਹਾਡੇ ਦੁਆਰ' ਸਕੀਮ ਦਾ ਲਾਭ ਲੈਣ ਲਈ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ। ਇਸ ਨੰਬਰ 'ਤੇ ਫੋਨ ਕਰਕੇ ਲਾਭਪਾਤਰੀ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਵੀ ਤੈਅ ਕਰ ਸਕਦੇ ਹਨ।