ਗੁਰਦੁਆਰਾ ਸਾਹਿਬ ਨੂੰ ਰਸਤਾ ਨਾ ਮਿਲਣ ਕਾਰਨ ਲੋਕਾਂ ''ਚ ਰੋਸ
Monday, Jun 12, 2017 - 02:34 AM (IST)
ਬੱਧਨੀ ਕਲਾਂ, (ਬੱਬੀ)- ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਨੂੰ ਜਿੱਥੇ ਚਾਰ-ਮਾਰਗੀ ਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਉੱਥੇ ਹੀ ਇਸ ਮਾਰਗ 'ਤੇ ਸਥਿਤ ਪਿੰਡ ਬੁੱਟਰ ਕਲਾਂ ਵਿਖੇ ਦੋਧਰ ਰੋਡ ਉਪਰ ਇਕ ਗੁਰਦੁਆਰਾ ਸਾਹਿਬ ਨੂੰ ਜਾਣ ਲਈ ਬਣੇ ਰਸਤੇ ਨੈਸ਼ਨਲ ਹਾਈਵੇ ਦੇ ਨਿਰਮਾਣ ਕਾਰਨ ਬੰਦ ਹੋ ਗਏ ਹਨ ਅਤੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀ ਗੱਲ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਉੱਥੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਵਿਵਾਦ ਦਾ ਪਤਾ ਲੱਗਣ 'ਤੇ ਕੱਲ ਰਾਤ ਲੋਕ ਸਭਾ ਹਲਕਾ ਫਰੀਦਕੋਟ ਦੇ ਐੱਮ. ਪੀ. ਪ੍ਰੋਫੈਸਰ ਸਾਧੂ ਸਿੰਘ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਉਕਤ ਸਥਾਨ ਦਾ ਦੌਰਾ ਕੀਤਾ। ਇਸ ਸਮੇਂ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਨੂੰ ਜਾਣ ਲਈ ਰਸਤਾ ਛੱਡਣ ਦੀ ਮੰਗ ਕਰ ਰਹੇ ਹਨ ਪਰ ਨੈਸ਼ਨਲ ਹਾਈਵੇ ਦੇ ਅਧਿਕਾਰੀ ਅਤੇ ਹੋਰ ਅਮਲਾ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਵਿਵਾਦਤ ਜਗ੍ਹਾ ਦਾ ਦੌਰਾ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗੱਲਬਾਤ ਕਰਦਿਆਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਸਮੱਸਿਆ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਗੱਲ ਕਰਨਗੇ ਅਤੇ ਇਸ ਦਾ ਹੱਲ ਵੀ ਕੱਢਵਾਇਆ ਜਾਵੇਗਾ। ਇਸ ਸਮੇਂ ਵੱਡੀ ਗਿਣਤੀ 'ਚ ਪਿੰਡ ਵਾਸੀ ਅਤੇ 'ਆਪ' ਦੇ ਵਰਕਰ ਮੌਜੂਦ ਸਨ।
