ਮਿਲਾਵਟੀ ਸ਼ਰਾਬ ਪੀ ਕੇ ਬੀਮਾਰ ਹੋਣ ਵਾਲੇ ਲੋਕ ਸਿਹਤਮੰਦ ਹੋ ਕੇ ਘਰਾਂ ਨੂੰ ਪਰਤੇ, ਹੁਣ ਸਿਰਫ਼ 1 ਹੈ ਜ਼ੇਰੇ ਇਲਾਜ

Thursday, Mar 28, 2024 - 04:12 AM (IST)

ਮਿਲਾਵਟੀ ਸ਼ਰਾਬ ਪੀ ਕੇ ਬੀਮਾਰ ਹੋਣ ਵਾਲੇ ਲੋਕ ਸਿਹਤਮੰਦ ਹੋ ਕੇ ਘਰਾਂ ਨੂੰ ਪਰਤੇ, ਹੁਣ ਸਿਰਫ਼ 1 ਹੈ ਜ਼ੇਰੇ ਇਲਾਜ

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਪਿਛਲੇ ਦਿਨੀਂ ਮਿਲਾਵਟੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਵਿਅਕਤੀਆਂ ਵਿੱਚੋਂ ਹੁਣ ਕੇਵਲ ਇੱਕ ਵਿਅਕਤੀ ਹੀ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹੈ ਜਦਕਿ ਬਾਕੀ ਦੇ 27 ਵਿਅਕਤੀ ਵੱਖ-ਵੱਖ ਹਸਪਤਾਲਾਂ 'ਚੋਂ ਇਲਾਜ ਕਰਵਾ ਕੇ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। 

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ੇਰੇ ਇਲਾਜ ਇਹ ਵਿਅਕਤੀ ਲੋੜੀਂਦੀ ਮੈਡੀਕਲ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ ਤੰਦਰੁਸਤ ਹੋ ਕੇ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਅਹਿਤਿਆਤ ਵਜੋਂ ਸਬੰਧਤ ਸਬ-ਡਿਵੀਜ਼ਨਾਂ ਦੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਸਪਤਾਲ ਤੋਂ ਪਰਤੇ ਇਨ੍ਹਾਂ ਵਿਅਕਤੀਆਂ ਦੀ ਸਿਹਤ ਦੀ ਢੁਕਵੀਂ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ। 

ਇਹ ਵੀ ਪੜ੍ਹੋ- 'ਆਪ' ਛੱਡ ਕੇ ਭਾਜਪਾ 'ਚ ਜਾਣ ਵਾਲੇ ਜਲੰਧਰ ਤੋਂ ਮੌਜੂਦਾ MP ਸੁਸ਼ੀਲ ਰਿੰਕੂ ਦਾ ਦੇਖੋ ਹੁਣ ਤੱਕ ਦਾ ਸਿਆਸੀ ਸਫ਼ਰ

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪਿੰਡ ਗੁੱਜਰਾਂ, ਰਵਿਦਾਸਪੁਰਾ ਟਿੱਬੀ ਤੇ ਢੰਡੋਲੀ ਖੁਰਦ ਦੇ ਨਾਲ ਨਾਲ ਹੋਰਨਾਂ ਨੇੜਲੇ ਪਿੰਡਾਂ ਵਿੱਚ ਵੀ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਹੈ ਅਤੇ ਲੋਕਾਂ ਨੂੰ ਨਕਲੀ ਸ਼ਰਾਬ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਦੋਸ਼ੀਆਂ ਖਿਲਾਫ਼ ਨਿਯਮਾਂ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਸ ਕਾਲੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਤੇ ਐਕਸਾਈਜ਼ ਵਿਭਾਗ ਅਧਾਰਿਤ ਟੀਮਾਂ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਨਿਰੰਤਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜਿਆ ਪਾਇਆ ਜਾਂਦਾ ਹੈ ਤਾਂ ਉਸ ਬਾਰੇ ਸੂਚਨਾ ਪੁਲਸ ਕੰਟਰੋਲ ਰੂਮ ਜਾਂ ਹੈਲਪਲਾਈਨ ਨੰਬਰ 112 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ- ਸਿਆਸੀ ਦਲ-ਬਦਲ ਦੇ ਦੌਰ 'ਚ ਪੰਜਾਬ ਕਾਂਗਰਸ ਪ੍ਰਧਾਨ ਨੇ ਭਾਜਪਾ 'ਤੇ ਕੱਸਿਆ ਤੰਜ, ਕਿਹਾ : ''ਨਾਅਰਾ 400 ਪਾਰ ਦਾ...''

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ 'ਚ ਬੀਤੇ ਦਿਨੀਂ ਮਿਲਾਵਟੀ ਸ਼ਰਾਬ ਪੀਣ ਕਾਰਨ 21 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕਾਂ ਨੂੰ ਇਲਾਜ ਲਈ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਸੀ। ਪੁਲਸ ਨੇ ਇਸ ਮਾਮਲੇ 'ਚ 2 ਮਾਸਟਰਮਾਈਂਡ ਸਣੇ 10 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਲੋਕ ਨੋਇਡਾ ਦੀ ਇਕ ਫੈਕਟਰੀ ਤੋਂ ਕੰਮ ਲਈ ਵਰਤਣ ਦਾ ਕਹਿ ਕੇ ਮੀਥਾਨੌਲ ਲਿਆਉਂਦੇ ਸਨ ਤੇ ਇੱਥੇ ਲਿਆ ਕੇ ਸ਼ਰਾਬ 'ਚ ਮਿਲਾ ਕੇ ਸਸਤੇ ਰੇਟ 'ਤੇ ਵੇਚ ਦਿੰਦੇ ਸਨ। ਉਨ੍ਹਾਂ ਦਾ ਇਹ ਲਾਲਚ ਕਈ ਲੋਕਾਂ ਦੀ ਮੌਤ ਦਾ ਕਾਰਨ ਬਣ ਗਿਆ ਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਣ ਦਾ ਕਾਰਨ ਵੀ ਇਹੀ ਲਾਲਚ ਬਣਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News