ਭਾਜਪਾ ਨੂੰ ਗੁਜਰਾਤ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਲੋਕ : CM ਮਾਨ

Saturday, Oct 29, 2022 - 08:38 PM (IST)

ਭਾਜਪਾ ਨੂੰ ਗੁਜਰਾਤ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਲੋਕ : CM ਮਾਨ

ਨਵਸਾਰੀ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੰਕਾਰੀ, ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਗੁਜਰਾਤ ਦੇ ਲੋਕ ਸੂਬੇ 'ਚੋਂ ਬਾਹਰ ਕੱਢਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਭਾਜਪਾ ਦੇ 27 ਸਾਲਾਂ ਦੇ ਰਾਜ ਤੋਂ ਤੰਗ ਆ ਚੁੱਕੇ ਹਨ ਅਤੇ ਬਾਹਰ ਦਾ ਦਰਵਾਜ਼ਾ ਦਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਇਨ੍ਹਾਂ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਕੱਢਣ ਲਈ ਗੁਜਰਾਤ, ਪੰਜਾਬ ਅਤੇ ਦਿੱਲੀ ਦੀ ਕਹਾਣੀ ਦੁਹਰਾਏਗਾ।

ਇਹ ਵੀ ਪੜ੍ਹੋ : SGPC ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ 'ਤੇ ਵਰ੍ਹੇ ਬਿਕਰਮ ਮਜੀਠੀਆ, ਪੁੱਛੇ ਇਹ ਸਵਾਲ

ਮਾਨ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਦੇਸ਼ ਦੀ ਜਾਇਦਾਦ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਨੇ ਇਹ ਲੁੱਟ ਸ਼ੁਰੂ ਕੀਤੀ ਸੀ, ਉਥੇ ਭਾਜਪਾ ਆਗੂਆਂ ਨੇ ਇਸ ਨੂੰ ਸਿਖਰ 'ਤੇ ਪਹੁੰਚਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ 'ਚ ਬਦਲਾਅ ਦੀ ਹਵਾ ਵਗ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ 'ਆਪ' ਸੂਬੇ ਦੀਆਂ ਚੋਣਾਂ 'ਚ ਹੂੰਝਾ ਫੇਰ ਦੇਵੇਗੀ। ਲੋਕਾਂ ਨੂੰ ‘ਆਪ’ ਦੀ ਹਮਾਇਤ ਕਰਨ ਦਾ ਸੱਦਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦਰਖ਼ਤ ਵੀ ਹਰ ਮੌਸਮ 'ਚ ਆਪਣੇ ਪੱਤੇ ਝਾੜਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਦਾ ਰਸਤਾ ਨਹੀਂ ਦਿਖਾਇਆ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਨੂੰ 15000 ਕਰੋੜ ਤੋਂ ਵੱਧ ਰਾਸ਼ੀ ਕੀਤੀ ਜਾਰੀ : ਕਟਾਰੂਚੱਕ

ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜ਼ਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਜ਼ਾਲਮ ਅਤੇ ਭ੍ਰਿਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ, ਸਗੋਂ ਲੋਕ ਸਿਸਟਮ ਬਦਲਣ ਦਾ ਸਮਰਥਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਕੋਲ ਕੁਦਰਤੀ ਸਰੋਤਾਂ ਦੀ ਬਹੁਤਾਤ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਇਸ ਦੇ ਬਾਵਜੂਦ ਨੇਤਾਵਾਂ ਨੇ ਆਪਣੇ ਭ੍ਰਿਸ਼ਟ ਕਾਰਿਆਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਨ੍ਹਾਂ ਭ੍ਰਿਸ਼ਟ ਆਗੂਆਂ ਨੂੰ ਬਾਹਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।


author

Mandeep Singh

Content Editor

Related News