ਕਣਕ ਨਾ ਮਿਲਣ ਕਾਰਨ ਪਿੰਡ ਵਾਸੀਆਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
Saturday, Mar 03, 2018 - 05:01 PM (IST)

ਵਲਟੋਹਾ (ਗੁਰਮੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਆਰਥਿਕ ਪੱਖੋਂ ਕਮਜ਼ੋਰ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਜਿੱਥੇ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਜਿਵੇਂ ਕੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਹੋਰ ਵੀ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਪੁੱਜਦਾ ਕਰਨ ਲਈ ਪ੍ਰਸ਼ਾਸਨ ਨੂੰ ਵਾਰ ਵਾਰ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਦੇ ਉਲਟ ਪ੍ਰਸ਼ਾਸਨਿਕ ਅਧਿਕਾਰੀ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਢਾਹ ਲਗਾਉਣ ਲਈ ਪੂਰੀ ਵਾਹ ਲਾ ਰਹੇ ਹਨ। ਜਿਸ ਦੀ ਤਾਜ਼ਾ ਮਿਸਾਲ ਪਿੰਡ ਜੋਧ ਸਿੰਘ ਵਾਲਾ ਵਿਖੇ ਦੋ ਰੁਪਏ ਕਿਲੋ ਵਾਲੀ ਕਣਕ ਨਾ ਮਿਲਣ ਕਾਰਨ ਲੋਕਾਂ ’ਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸ਼ਨੀਵਾਰ ਪਿੰਡ ਜੋਧ ਸਿੰਘ ਵਾਲਾ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਲਾਭ ਸਿੰਘ ਮੈਂਬਰ, ਗੁਰਵਿੰਦਰ ਸਿੰਘ, ਹਜ਼ੂਰ ਸਿੰਘ, ਸੁਖਵਿੰਦਰ ਸਿੰਘ ਮੈਂਬਰ, ਸੁਖਦੀਪ ਸਿੰਘ, ਉਤਮ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ 100 ਦੇ ਕਰੀਬ ਲਾਭਪਾਤਰੀ ਅਜਿਹੇ ਹਨ, ਜਿਨ੍ਹਾਂ ਦੇ ਪਰਿਵਾਰ ਸਸਤੀ ਕਣਕ ਲੈਣ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇੰਸਪੈਕਟਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੁਹਾਡੇ ਨਾਮ ਲਿਸਟ ’ਚੋਂ ਕੱਟ ਦਿੱਤੇ ਗਏ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਸਾਡੀ ਹੱਕ ਰਸੀ ਕਰਵਾਈ ਜਾਵੇ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਡਿਊਟੀ ’ਚ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਜਦੋਂ ਫੂਡ ਅਤੇ ਸਪਲਾਈ ਦੇ ਇੰਸਪੈਕਟਰ ਹਰਮਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਰਾਸ਼ਨ ਕਾਰਡਾਂ ਦੀ ਪੜਤਾਲ ਕਰਵਾਈ ਗਈ ਸੀ, ਜਿਸ ’ਚ ਢਾਈ ਏਕੜ ਤੋਂ ਉਪਰ ਜ਼ਮੀਨ ਵਾਲੇ ਕਿਸਾਨਾਂ ਅਤੇ 60 ਹਜ਼ਾਰ ਤੋਂ ਸਾਲਾਨਾਂ ਵੱਧ ਆਮਦਨ ਵਾਲੇ ਲਾਭਪਾਤਰੀਆਂ ਦੇ ਕਾਰਡ ਕੱਟਣ ਦੀਆਂ ਹਦਾਇਤਾਂ ਪੜਤਾਲੀਆ ਅਫਸਰ ਵੱਲੋਂ ਫੂਡ ਅਤੇ ਸਪਲਾਈ ਵਿਭਾਗ ਨੂੰ ਭੇਜੀਆਂ ਰਿਪੋਰਟਾਂ ਮੁਤਾਬਕ ਕੱਟੇ ਗਏ ਹਨ। ਕੁਝ ਕਾਰਡ ਆਯੋਗ ਕਰਾਰ ਦਿੱਤੇ ਸਨ ਜੋ ਆਪਣੀ ਪੜਤਾਲ ਦੁਬਾਰਾ ਕਰਵਾ ਕੇ ਆਪਣੀ ਕਣਕ ਪ੍ਰਾਪਤ ਕਰ ਸਕਦੇ ਹਨ।