ਰੂਪਨਗਰ ਵਿਖੇ ਇਤਿਹਾਸਕ ਕਿਲ੍ਹੇ ਨੂੰ ਬਚਾਉਣ ਲਈ ਇਲਾਕਾ ਨਿਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
Saturday, Apr 09, 2022 - 11:21 AM (IST)
ਰੂਪਨਗਰ (ਵਿਜੇ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਨਾਲ ਸਬੰਧਤ ਇਤਿਹਾਸਕ ਕਿਲ੍ਹੇ ਅਤੇ ਨਿਹੰਗ ਖਾਂ ਦੀਆਂ ਕਬਰਾਂ ਨੂੰ ਬਚਾਉਣ ਲਈ ਸ਼ੁੱਕਰਵਾਰ ਸਮੂਹ ਇਲਾਕਾ ਨਿਵਾਸੀਆਂ, ਕਿਰਤੀ ਕਿਸਾਨ ਮੋਰਚਾ ਰੂਪਨਗਰ ਅਤੇ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਇਨ੍ਹਾਂ ਜਥੇਬੰਦੀਆਂ ਵੱਲੋਂ ਅਨਾਜ ਮੰਡੀ ਰੂਪਨਗਰ ’ਚ ਧਰਨਾ ਦਿੱਤਾ, ਜਿਸ ਤੋਂ ਬਾਅਦ ਕੋਟਲਾ ਨਿਹੰਗ ਤੱਕ ਰੋਸ ਮਾਰਚ ਕੀਤਾ ਗਿਆ।
ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਿੰਡ ਕੋਟਲਾ ਨਿਹੰਗ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਨਾਲ ਸਬੰਧਤ ਇਤਿਹਾਸਕ ਕਿਲਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਅਥਾਹ ਸ਼ਰਧਾ ਰੱਖਣ ਵਾਲੇ ਪਰਿਵਾਰ ਨਿਹੰਗ ਖਾਂ ਨਾਲ ਸਬੰਧਤ ਕਬਰਾਂ ਨਾਲ ਸਬੰਧਤ ਭੂਮੀ ’ਤੇ ਭੂ-ਮਾਫ਼ੀਆ ਦੁਆਰਾ ਨਾਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਲ੍ਹੇ ਨੂੰ ਬਚਾਉਣ ਅਤੇ ਕਬਜ਼ਾ ਕਰਨ ਵਾਲਿਆਂ ’ਤੇ ਮਾਮਲਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਲ੍ਹੇ ਨੂੰ ਮਾਫ਼ੀਆ ਤੋਂ ਆਜ਼ਾਦ ਕਰਵਾਉਣ ਲਈ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਨੂੰ ਮੰਗ ਪੱਤਰ ਤੋਂ ਇਲਾਵਾ ਸਮੇਂ ਸਮੇਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੰਗ-ਪੱਤਰ ਦਿੱਤੇ ਗਏ ਪਰ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਨਿਹੰਗ ਖਾਂ ਯਾਦਗਾਰੀ ਟਰੱਸਟ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਜਪਾਨ ਤੋਂ ਪਰਤੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਗੇਟ ਦਾ ਤਾਲਾ ਤੋੜਨ ਲਈ ਖ਼ੁਦ ਮਜਬੂਰ ਹੋਈਆਂ ਸੰਗਤਾਂ
ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਬਹਿਸਬਾਜ਼ੀ ਹੋਈ। ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਸ ਮਸਲੇ ਨੂੰ 15 ਦਿਨਾਂ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇਗਾ। ਜਥੇਬੰਦੀਆਂ ਨੇ ਕਿਹਾ ਕਿ ਜੇਕਰ 5 ਦਿਨ ਤੋਂ ਬਾਅਦ ਮਸਲਾ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਧਰਨੇ ਵਾਲੀ ਜਗਾਹ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਅੱਗੇ ਤੋਂ ਹੁੰਦੇ ਹੋਏ ਕੋਟਲਾ ਨਿਹੰਗ ਕਿਲੇ ਵਾਲੀ ਥਾਂ ’ਤੇ ਪਹੁੰਚ ਗਏ ਜਿੱਥੇ ਮੁੱਖ ਗੇਟ ’ਤੇ ਤਾਲਾ ਲੱਗਿਆ ਹੋਇਆ ਸੀ ਜਥੇਬੰਦੀਆਂ ਨੇ ਤਾਲਾ ਤੋੜ ਦਿੱਤਾ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਅੰਦਰ ਪਹੁੰਚ ਗਏ ਅਤੇ ਕਿਲ੍ਹੇ ਵਾਲੀ ਥਾਂ ’ਤੇ ਝੰਡਾ ਚੜ੍ਹਾਉਣ ਉਪਰੰਤ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦੇ ਸੰਗਤਾਂ ਵਾਪਸ ਪਰਤਣੀਆਂ ਸ਼ੁਰੂ ਹੋ ਗਈਆਂ। ਇਸ ਮਾਮਲੇ ਨੂੰ ਲੈ ਕੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਸੀ ਭਾਂਵੇ ਇਕ ਵਾਰ ਸਥਿਤੀ ਕਾਫ਼ੀ ਗੰਭੀਰ ਹੁੰਦੀ ਨਜ਼ਰ ਆਈ ਪਰ ਇਸ ਦਰਮਿਆਨ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਾਠਗੜ੍ਹ ਵਿਖੇ ਮਾਂ ਦੀ ਮੌਤ ਤੋਂ ਬਾਅਦ ਨਵਜੰਮੇ ਬੱਚੇ ਨੇ ਵੀ ਤੋੜਿਆ ਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ