ਚਾਰ ਲੋਕਾਂ ਤੋਂ ਦੁਖੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ’ਚ ਰਿਕਾਰਡ ਕੀਤਾ ਇਕ-ਇਕ ਦਰਦ

Monday, Oct 03, 2022 - 02:28 PM (IST)

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਅਮਨਦੀਪ ਭਾਰਦਵਾਜ ਨੇ 28 ਸਤੰਬਰ ਨੂੰ ਜ਼ਹਿਰੀਲੀ ਵਸਤੂ ਖਾ ਕੇ ਆਤਮਹੱਤਿਆ ਕਰ ਲਈ। ਆਤਮਹੱਤਿਆ ਤੋਂ ਪਹਿਲਾਂ ਅਮਨਦੀਪ ਭਾਰਦਵਾਜ ਨੇ ਆਪਣੇ ਰਿਸ਼ਤੇਦਾਰਾਂ ਨੂੰ ਇਕ ਵੀਡੀਓ ਰਿਕਾਰਡ ਕਰਕੇ ਜਿਹੜੇ ਵਿਅਕਤੀਆਂ ਵੱਲੋਂ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਉਨ੍ਹਾਂ ਬਾਰੇ ਵਿਸਥਾਰ ਨਾਲ ਦੱਸਿਆ ਹੈ। ਅਮਨਦੀਪ ਦੇ ਜੀਜੇ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਇਹ ਵੀਡੀਓ ਪੁਲਸ ਨੂੰ ਸੌਂਪ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਥਾਣਾ ਕੋਤਵਾਲੀ ਦੀ ਪੁਲਸ ਵੱਲੋਂ ਚਾਰ ਦਿਨਾਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਅਮਨਦੀਪ ਭਾਰਦਵਾਜ ਵੱਲੋਂ ਮਰਨ ਤੋਂ ਪਹਿਲਾਂ ਸਾਰਾ ਕੁਝ ਸਪੱਸ਼ਟ ਕਰ ਦਿੱਤਾ ਗਿਆ, ਫਿਰ ਹੋਰ ਕਿਹੜੇ ਸਬੂਤ ਦੀ ਜ਼ਰੂਰਤ ਹੈ। ਸਰਬਜੀਤ ਸਿੰਘ ਨੇ ਦੋਸ਼ ਲਾਇਆ ਕਿ ਅਮਨਦੀਪ ਭਾਰਦਵਾਜ ਨੇ ਖਾਲਸਾ ਮੁਹੱਲਾ ਵਿਚ ਆਪਣੇ ਸਹੁਰਾ ਪਰਿਵਾਰ ਦੇ ਘਰ ਦੇ ਬਾਹਰ ਜ਼ਹਿਰੀਲੀ ਵਸਤੂ ਖਾਧੀ ਅਤੇ ਸਹੁਰਾ ਪਰਿਵਾਰ ਉਸ ਨੂੰ ਹਸਪਤਾਲ ਵਿਚ ਛੱਡ ਕੇ ਭੱਜ ਗਿਆ। ਇਸ ਲਈ ਸਹੁਰਾ ਪਰਿਵਾਰ ਦੀ ਭੂਮਿਕਾ ਦੀ ਜਾਂਚ ਕਰਕੇ ਉਨ੍ਹਾਂ ਨੂੰ ਵੀ ਇਸ ਮਾਮਲੇ ਵਿਚ ਨਾਮਜਦ ਕੀਤਾ ਜਾਵੇ। 

ਸਰਬਜੀਤ ਸਿੰਘ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਉਂਝ ਥਾਣਿਆਂ ਵਿਚ ਇਨਸਾਫ ਮਿਲਣ ਦੀਆਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਇਧਰ ਕਿਸੇ ਦਾ ਜਵਾਨ ਪੁੱਤਰ ਜਾਨ ਤੋਂ ਗਿਆ ਅਤੇ ਉਸ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲਿਆਂ ਅਤੇ ਉਸ ਨੂੰ ਮਾਨਸਿਕ ਤੌਰ ’ਤੇ ਪਰੇਸਾਨ ਕਰਨ ਵਾਲਿਆਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਸਰਬਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਐੱਸ. ਐੱਸ. ਪੀ. ਦੀਪਕ ਪਾਰਿਕ ਤੋਂ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਅਮਨਦੀਪ ਭਾਰਦਵਾਜ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਕੀਤੀ ਜਾਵੇ।


Gurminder Singh

Content Editor

Related News