ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਚੜ੍ਹਿਆ ਪੁਲਸ ਅੜਿੱਕੇ

Sunday, Jan 29, 2023 - 09:02 PM (IST)

ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਚੜ੍ਹਿਆ ਪੁਲਸ ਅੜਿੱਕੇ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ। ਇਹ ਕਾਰਵਾਈ ਪੰਜਾਬ ਪੁਲਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਦੀ ਅਧਿਕਾਰੀਆਂ ਤੇ ਠੇਕੇਦਾਰ ਨੂੰ ਦੋ ਟੁੱਕ, 'ਭ੍ਰਿਸ਼ਟਾਚਾਰ ਬਿਲਕੁੱਲ ਵੀ ਬਰਦਾਸ਼ਤ ਨਹੀਂ'

ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ) ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫ਼ਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਏ.ਆਈ.ਜੀ. ਸੀ.ਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐੱਸ.ਐੱਸ.ਓ (ਸੀ) ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐੱਫ.ਆਈ.ਆਰ ਨੰ. 3  ਅਧੀਨ ਕੇਸ ਦਰਜ ਕੀਤਾ ਗਿਆ ਹੈ।


author

Mandeep Singh

Content Editor

Related News