ਤਹਿਸੀਲਦਾਰ ਦੇ ਨਾਂ ’ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Monday, Feb 19, 2024 - 05:20 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਂ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖ਼ਾਸਤ ਤਹਿਸੀਲਦਾਰ ਨੂੰ ਦਿੱਤੀ ਹੈ, ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ’ਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ।

ਇਹ ਵੀ ਪੜ੍ਹੋ : ਸਰਕਾਰ ਨੇ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਦਿੱਲੀ ਕੂਚ ਕਰਾਂਗੇ : ਡੱਲੇਵਾਲ

ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਆਵਾਜ਼ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਦੋਸ਼ੀ ਖ਼ਿਲਾਫਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਗਰਭਵਤੀ ਔਰਤਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News