ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਨਾਲ ਸੜਕ ਕਿਨਾਰੇ ਬੈਠੇ ਵਿਅਕਤੀ ਦੀ ਮੌਕੇ ''ਤੇ ਹੋਈ ਮੌਤ
Saturday, Apr 22, 2023 - 10:47 PM (IST)
ਭਿੱਖੀਵਿੰਡ (ਭਾਟੀਆ) : ਕਸਬਾ ਭਿੱਖੀਵਿੰਡ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਚੂੰਘ ਦੇ ਜੀਐੱਨਡੀਯੂ ਕਾਲਜ ਨੇੜੇ ਇਕ ਤੇਜ਼ ਰਫ਼ਤਾਰ ਕਾਰ K10 ਭਿੱਖੀਵਿੰਡ ਸਾਈਡ ਤੋਂ ਆਈ, ਜਿਸ ਨੇ ਮਿਹਨਤ-ਮਜ਼ਦੂਰੀ ਕਰਕੇ ਸੜਕ ਕਿਨਾਰੇ ਫੁੱਟਪਾਥ 'ਤੇ ਬੈਠੇ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਦਿਲਬਾਗ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਚੂੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸਹੁਰਾ ਪਰਿਵਾਰ ਤੋਂ ਤੰਗ ਡੇਢ ਸਾਲ ਦੇ ਬੱਚੇ ਦੀ ਮਾਂ ਨੇ ਚੁੱਕਿਆ ਖ਼ੌਫਨਾਕ ਕਦਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨਿੰਦਰ ਕੌਰ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਪਿੰਡ ਚੂੰਘ ਦੇ ਖੇਤਾਂ 'ਚੋਂ ਕਣਕ ਦੇ ਸਿੱਟੇ ਚੁੱਗ ਰਹੇ ਸਨ, ਸਿੱਟੇ ਚੁਗਣ ਤੋਂ ਬਾਅਦ ਉਸ ਦਾ ਪਤੀ ਕੁਝ ਸਮਾਂ ਅਰਾਮ ਕਰਨ ਲਈ ਸੜਕ ਕਿਨਾਰੇ ਬੈਠ ਗਿਆ। ਇਸ ਦੌਰਾਨ ਭਿੱਖੀਵਿੰਡ ਵੱਲੋਂ ਆਈ ਕਾਰ ਨੇ ਉਸ ਦੇ ਪਤੀ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਡਰਾਈਵਰ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਫਿਲਹਾਲ ਮੌਕੇ 'ਤੇ ਪਹੁੰਚੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਗੱਡੀ ਨੂੰ ਕਬਜ਼ੇ 'ਚ ਲੈ ਕੇ ਪਰਿਵਾਰ ਦੇ ਬਿਆਨ ਦਰਜ ਕਰਕੇ ਚਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।