ਪੰਜਾਬ ''ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ ਗਠਿਤ

06/18/2023 4:46:06 PM

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ’ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ ’ਤੇ ਵੀ ਨਜ਼ਰ ਰੱਖਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ ਤਿੰਨ ਤੋਂ ਚਾਰ ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇਕ ਟੀਮ ਗਠਿਤ ਕੀਤੀ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ 'ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

Gurminder Singh

This news is Content Editor Gurminder Singh