ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ

Sunday, Jan 14, 2024 - 06:52 PM (IST)

ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ

ਚੰਡੀਗੜ੍ਹ- ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 26 ਜਨਵਰੀ ਨੂੰ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੇ ਅਯੋਗ ਹਨ। ਕੇਅਰਟੇਕਰ ਚੀਫ਼ ਜਸਟਿਸ ਰਿਤੂ ਬਾਹਰੀ ਦੀ ਡਿਵੀਜ਼ਨ ਬੈਂਚ ਸੋਮਵਾਰ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰੇਗੀ। 

ਇਥੇ ਦੱਸਣਯੋਗ ਹੈ ਕਿ ਸੰਗਰੂਰ ਦੇ ਰਹਿਣ ਵਾਲੇ ਅਨਿਲ ਕੁਮਾਰ ਵੱਲੋਂ ਦਾਖ਼ਲ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ 2013 ਵਿਚ ਆਪਣੇ ਹੁਕਮ ਵਿਚ ਇਹ ਸਪਸ਼ਟ ਕਰ ਚੁੱਕੇ ਹਨ ਕਿ ਕਿਸੇ ਜਨਪ੍ਰਤੀਨਿਧੀ ਨੂੰ 2 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਈ ਜਾਂਦੀ ਹੈ ਤਾਂ ਜਨਪ੍ਰਤੀਨਿਧੀ ਐਕਟ ਦੇ ਮੁਤਾਬਕ ਉਹ ਅਯੋਗ ਮੰਨਿਆ ਜਾਵੇਗਾ। ਸੰਗਰੂਰ ਦੀ ਅਦਾਲਤ ਨੇ ਮੰਤਰੀ ਅਮਨ ਅਰੋੜਾ ਨੂੰ ਦੋਸ਼ੀ ਮੰਨਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ, ਵਧੀ Ground Frost ਦੀ ਚਿਤਾਵਨੀ, ਜਾਣੋ ਮੌਸਮ ਦੀ ਤਾਜ਼ਾ ਜਾਣਕਾਰੀ

ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਆਪਣੇ ਜੀਜਾ ਅਤੇ ਅਕਾਲੀ ਆਗੂ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਉਸ ਦੇ ਜੀਜਾ ਦਾ ਦੋਸ਼ ਸੀ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕੀਤੀ। ਮਾਮਲੇ ਵਿੱਚ ਅਮਨ ਅਰੋੜਾ ਅਤੇ ਅੱਠ ਹੋਰ 'ਤੇ ਕੇਸ ਦਰਜ ਹੋਇਆ ਸੀ, ਜਿਸ ਦਾ ਫ਼ੈਸਲਾ 15 ਸਾਲ ਬਾਅਦ ਆਇਆ। ਸੁਨਾਮ ਕੋਟ ਨੇ ਆਪਣੇ ਫ਼ੈਸਲੇ ਵਿੱਚ ਅਮਨ ਅਰੋੜਾ ਸਮੇਤ ਨੌ ਵਿਅਕਤੀਆਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।

ਜ਼ਿਕਰਯੋਗ ਹੈ ਕਿ ਕੁੱਟਮਾਰ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਹੋਣ ਮਗਰੋਂ ਕੈਬਨਿਟ ਮੰਤਰੀ ਅਮਨ ਅਰੋੜਾ ਆਪਣਾ ਮੰਤਰੀ ਦਾ ਅਹੁਦਾ ਬਚਾਉਣ ਲਈ ਬੀਤੇ ਦਿਨੀਂ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਪਹੁੰਚੇ ਸਨ। ਅਮਨ ਅਰੋੜਾ ਨੂੰ ਕੁੱਟਮਾਰ ਦੇ ਦੋਸ਼ 'ਚ ਦੋ ਸਾਲ ਦੀ ਕੈਦ ਹੋਈ ਸੀ। ਇਹ ਸਜ਼ਾ ਸੁਨਾਮ ਦੀ ਹੇਠਲੀ ਅਦਾਲਤ ਨੇ ਸੁਣਾਈ ਹੈ। ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 15 ਜਨਵਰੀ ਨੂੰ ਤੈਅ ਕੀਤੀ ਹੈ। ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਪੇਸ਼ ਹੋਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਹਾਲਾਂਕਿ 21 ਦਸੰਬਰ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਹਾਈਕੋਰਟ ਨਹੀਂ ਗਏ। ਉਨ੍ਹਾਂ ਕੋਲ 30 ਦਿਨ ਦਾ ਸਮਾਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ ‘ਤੇ ਅਮਨ ਅਰੋੜਾ ਹੁਣ ਮੰਤਰੀ ਦਾ ਅਹੁਦਾ ਨਹੀਂ ਸੰਭਾਲ ਸਕਦੇ। ਉਨ੍ਹਾਂ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਮੰਤਰੀ ਵਜੋਂ ਝੰਡਾ ਲਹਿਰਾਉਣ ਨੂੰ ਵੀ ਗਲਤ ਕਰਾਰ ਦਿੱਤਾ ਸੀ। ਅਰੋੜਾ ਨੂੰ ਮੰਤਰੀ ਅਹੁਦੇ ਤੋਂ ਨਾ ਹਟਾਉਣ 'ਤੇ ਮੁੱਖ ਮੰਤਰੀ ਤੋਂ ਰਿਪੋਰਟ ਮੰਗੀ ਸੀ।

ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News