ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
Monday, Aug 03, 2026 - 06:19 PM (IST)
ਮੋਗਾ (ਆਜ਼ਾਦ) : ਅੱਜ ਅਕਾਲਸਰ ਰੋਡ ਸਥਿਤ ਇਕ ਪੈਟਰੋਲ ਪੰਪ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਉਪਰੰਤ ਥਾਣਾ ਸਿਟੀ ਮੋਗਾ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਮਾਜਸੇਵਾ ਸੋਸਾਇਟੀ ਨੂੰ ਵੀ ਸੂਚਿਤ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਬਾਥਰੂਮ ਵਿਚ ਸ਼ੌਚ ਲਈ ਗਿਆ ਸੀ ਪਰ ਜਦੋਂ ਉਹ ਕਾਫ਼ੀ ਸਮੇਂ ਤੱਕ ਬਾਹਰ ਨਾ ਆਇਆ ਤਾਂ ਪੈਟਰੋਲ ਪੰਪ ਦੇ ਕਰਮਚਾਰੀਆਂ ਨੂੰ ਸ਼ੱਕ ਹੋਇਆ। ਉਨ੍ਹਾਂ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਨੌਜਵਾਨ ਮ੍ਰਿਤਕ ਹਾਲਤ ਵਿਚ ਪਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਿੰਡ ਕੋਰੇਵਾਲਾ ਦੇ ਰਹਿਣ ਵਾਲੇ ਗੁਰਤੇਜ ਸਿੰਘ ਵਜੋਂ ਹੋਈ ਹੈ। ਉਹ ਪੇਸ਼ੇ ਤੋਂ ਕੈਂਟਰ ਚਾਲਕ ਸੀ।
ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਹੋ ਸਕੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪੋਸਟਮਾਰਟਮ ਉਪਰੰਤ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ।
