ਫਗਵਾੜਾ ਪੁਲਸ ਦੀ ਵੱਡੀ ਕਾਰਵਾਈ, 7 ਪਿਸਤੌਲਾਂ ਤੇ 35 ਰੌਂਦਾਂ ਸਮੇਤ 3 ਵਿਅਕਤੀ ਗ੍ਰਿਫ਼ਤਾਰ
Thursday, Mar 07, 2024 - 12:17 PM (IST)
ਫਗਵਾੜਾ (ਜਲੋਟਾ)-ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹੇ ’ਚ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਫਗਵਾੜਾ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਵੱਡੀ ਗਿਣਤੀ ’ਚ ਨਾਜਾਇਜ਼ ਹਥਿਆਰਾਂ ਸਣੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਐੱਸ. ਪੀ. ਰੁਪਿੰਦਰ ਕੌਰ ਭੱਟੀ ਅਤੇ ਡੀ. ਐੱਸ. ਪੀ. ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਫਗਵਾੜਾ ਦੇ ਇੰਚਾਰਜ ਐੱਸ. ਆਈ. ਬਿਸਮਨ ਸਿੰਘ ਨੇ ਸਮੇਤ ਪੁਲਸ ਪਾਰਟੀ ਨੈਸ਼ਨਲ ਹਾਈਵੇਅ ’ਤੇ ਗੌਂਸਪੁਰ ਕੱਟ ਕੋਲ ਨਾਕਾਬੰਦੀ ਕੀਤੀ ਹੋਈ ਸੀ।
ਪੁਲਸ ਪਾਰਟੀ ਨੇ ਇਸ ਦੌਰਾਨ ਆ ਰਹੀ ਇਕ ਸਵਿੱਫਟ ਨੂੰ ਰੋਕਿਆ, ਜਿਸ ਵਿਚ 3 ਨੌਜਵਾਨ ਸਵਾਰ ਸਨ। ਪੁਲਸ ਵੱਲੋਂ ਉਕਤ ਦਾ ਨਾਮ-ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਸੁਖਵੰਤ ਸਿੰਘ ਉਰਫ਼ ਸੁੱਖਾ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਦਿਹਾਤੀ, ਰੌਸ਼ਨ ਸਿੰਘ ਹਰਰੋਸ਼ਨ ਨਾਥ ਪੁੱਤਰ ਸੁਖਦੇਵ ਸਿੰਘ ਵਾਸੀ ਵਾੜਾ ਭਾਈ ਥਾਣਾ ਗੱਲਖੁਰਦ ਥਾਣਾ ਬਾਵਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਅਜੇ ਕੁਮਾਰ ਉਰਫ਼ ਅੱਜੂ ਪੁੱਤਰ ਜੀਤ ਰਾਮ ਵਾਸੀ ਰਾਮਸਰ ਥਾਣਾ ਬਾਵਲਾ ਜ਼ਿਲ੍ਹਾ ਫਿਰੋਜ਼ਪੁਰ ਦੱਸਿਆ। ਐੱਸ. ਐੱਸ. ਪੀ. ਨੇ ਕਿਹਾ ਕਿ ਜਦੋਂ ਪੁਲਸ ਪਾਰਟੀ ਨੇ ਉਕਤ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5 ਪਿਸਤੌਲ 32 ਬੋਰ, ਇਕ ਪਿਸਤੌਲ 30 ਬੋਰ, ਇਕ ਦੇਸੀ ਕੱਟਾ, 16 ਰੌਂਦ 32 ਬੋਰ ਅਤੇ 19 ਰੌਂਦ 30 ਬੋਰ ਦੇ ਬਰਾਮਦ ਕੀਤੇ ਗਏ। ਇਸ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮਾਂ ਦਾ 5 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: CM ਭਗਵੰਤ ਮਾਨ 12 ਤਾਰੀਖ਼ ਨੂੰ ਕਰਨਗੇ ਹੁਸ਼ਿਆਰਪੁਰ ਦਾ ਦੌਰਾ
ਇਸ ਦੌਰਾਨ ਸਖਤ ਹਦਾਇਤਾਂ ਦਿੰਦੇ ਹੋਏ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ’ਚ ਗੈਰ-ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤੇ ਜਾਣਗੇ। ਅਜਿਹੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਾੜੇ ਅਨਸਰਾਂ ਵਿਰੁੱਧ ਪੁਲਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕਈ ਮਾਮਲੇ
ਫਗਵਾੜਾ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਕਈ ਮਾਮਲੇ ਦਰਜ ਹਨ। ਸੁਖਵੰਤ ਸਿੰਘ ਉਰਫ਼ ਸੁੱਖਾ ਦੇ ਖ਼ਿਲਾਫ਼ ਵੱਖ ਵੱਖ ਥਾਣਿਆਂ ’ਚ 7 ਮੁਕੱਦਮੇ, ਰੋਸ਼ਨ ਸਿੰਘ, ਹਰਰੋਸ਼ਨ ਨਾਥ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ 13 ਮੁਕੱਦਮੇ ਅਤੇ ਅਜੇ ਕੁਮਾਰ ਉਰਫ਼ ਅੱਜ ਦੇ ਖ਼ਿਲਾਫ਼ 2 ਮੁਕੱਦਮੇ ਦਰਜ ਹਨ। ਫਿਲਹਾਲ ਪੁਲਸ ਵੱਲੋਂ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਅਹਿਮ ਖ਼ੁਲਾਸੇ ਹੋਣ ਤੋਂ ਮਨ੍ਹਾਂ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ: ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8